ਸੁਨਾਮ ਊਧਮ ਸਿੰਘ ਵਾਲਾ, 27 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸਥਾਨਕ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਦਿੱਤੇ ਜਾ ਰਹੇ ਧਰਨੇ ਦੌਰਾਨ ਕਿਹਾ ਕਿ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੀੜਤ ਕਿਸਾਨ ਲੰਮੇ ਸਮੇਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਸਬੰਧਿਤ ਵਿਭਾਗ ਵੱਲੋਂ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਚੰਡੀਗੜ੍ਹ ਵਿੱਚ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਮਲ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੁੰਦੇ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 30 ਜੁਲਾਈ ਦਾ ਘਿਰਾਓ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਕੀਤਾ ਜਾਵੇਗਾ। ਚੱਠਾ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਸੰਘਰਸ਼ ਨੂੰ ਮਜ਼ਬੂਤ ਕਰਨ, ਤਾਂ ਜੋ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕੇ। ਇਸ ਮੌਕੇ ਕੇਵਲ ਸਿੰਘ ਜਵੰਧਾ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਹਰੀ ਸਿੰਘ ਚੱਠਾ, ਸਾਧਾ ਸਿੰਘ ਨਮੋਲ,ਨਾਹਰ ਸਿੰਘ ਸ਼ਾਹਪੁਰ ਕਲਾਂ, ਭੋਲਾ ਸਿੰਘ ਚੱਠਾ ਅਤੇ ਮਹਿੰਦਰ ਸਿੰਘ ਨਮੋਲ ਆਦਿ ਮੌਜੂਦ ਸਨ।