15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਰਜਵਾਹੇ ਦੀ ਉਸਾਰੀ ਕਰਨ ਦਾ ਵਿਰੋਧ, ਅਧਿਕਾਰੀਆਂ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ

ਸ਼ੇਰਪੁਰ, 14 ਨਵੰਬਰ (ਮੇਘ ਰਾਜ ਜੋਸ਼ੀ)-ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਰਜਵਾਹੇ ਦੀ ਉਸਾਰੀ ਕੀਤੇ ਜਾਣ ਦੇ ਵਿਰੋਧ ਵਿੱਚ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਪਿੰਡ ਰਾਮ ਨਗਰ ਛੰਨਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਿੰਡ ਵਿੱਚ ਪਹੁੰਚੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦਾ ਘਿਰਾਓ ਕਰਕੇ ਸਰਕਾਰ ਅਤੇ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 15-11-2026
ਸ਼ੇਰਪੁਰ, 14 ਨਵੰਬਰ (ਮੇਘ ਰਾਜ ਜੋਸ਼ੀ)-ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਰਜਵਾਹੇ ਦੀ ਉਸਾਰੀ ਕੀਤੇ ਜਾਣ ਦੇ ਵਿਰੋਧ ਵਿੱਚ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਪਿੰਡ ਰਾਮ ਨਗਰ ਛੰਨਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਿੰਡ ਵਿੱਚ ਪਹੁੰਚੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦਾ ਘਿਰਾਓ ਕਰਕੇ ਸਰਕਾਰ ਅਤੇ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਆਗੂ ਨਰਿੰਦਰ ਪਾਲ ਸਿੰਘ ਛੰਨਾ ਨੇ ਕਿਹਾ ਕਿ ਬਲਾਕ ਸ਼ੇਰਪੁਰ ਅਤੇ ਧੂਰੀ ਨਾਲ ਸਬੰਧਤ ਕਰੀਬ 35 ਤੋਂ 37 ਪਿੰਡਾਂ ਦੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਰਜਵਾਹੇ ਦੀ ਉਸਾਰੀ ਸਬੰਧੀ ਇਤਰਾਜ਼ ਦਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੀਆਂ ਜ਼ਮੀਨਾਂ ਵਿੱਚੋਂ ਰਜਵਾਹੇ ਦੀ ਉਸਾਰੀ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ, ਜਦਕਿ ਜ਼ਮੀਨ ਮਾਲਕਾਂ ਦੀ ਸਹਿਮਤੀ ਲੈਣ ਦੀ ਲੋੜੀਂਦੀ ਪ੍ਰਕਿਰਿਆ ਨਹੀਂ ਅਪਣਾਈ ਗਈ। ਉਨ੍ਹਾਂ ਕਿਹਾ ਕਿ ਜ਼ਮੀਨਾਂ ਐਕੁਆਇਰ ਕਰਨ ਲਈ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਕੁਲੈਕਟਰ ਰੇਟ ਬਹੁਤ ਘੱਟ ਹਨ, ਜਿਨ੍ਹਾਂ ਦੇ ਆਧਾਰ ‘ਤੇ ਦਿੱਤਾ ਜਾਣ ਵਾਲਾ ਮੁਆਵਜ਼ਾ ਜ਼ਮੀਨਾਂ ਦੇ ਅਸਲ ਬਾਜ਼ਾਰੀ ਮੁੱਲ ਦੀ ਪੂਰਤੀ ਨਹੀਂ ਕਰਦਾ। ਭਾਵੇਂ ਸਰਕਾਰ ਵੱਲੋਂ ਕੁਲੈਕਟਰ ਰੇਟ ਤੋਂ ਚਾਰ ਗੁਣਾ ਤੱਕ ਮੁਆਵਜ਼ਾ ਦੇਣ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਜਦੋਂ ਮੁੱਢਲੇ ਸਰਕਾਰੀ ਰੇਟ ਹੀ ਘੱਟ ਹੋਣ ਤਾਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਵਾਜਬ ਮੁੱਲ ਮਿਲਣਾ ਮੁਸ਼ਕਿਲ ਹੈ। ਨਰਿੰਦਰ ਪਾਲ ਸਿੰਘ ਛੰਨਾ ਨੇ ਅੱਗੇ ਕਿਹਾ ਕਿ ਮਾਲ ਵਿਭਾਗ ਵੱਲੋਂ ਨਕਸ਼ਾ ਜਾਰੀ ਕਰਨ ਤੋਂ ਪਹਿਲਾਂ ਕਿਸੇ ਵੀ ਜ਼ਮੀਨ ਮਾਲਕ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਸਹਿਮਤੀ ਲਈ ਗਈ। ਉਨ੍ਹਾਂ ਦੱਸਿਆ ਕਿ ਆਪਣੇ ਹੱਕਾਂ ਅਤੇ ਇਨਸਾਫ਼ ਦੀ ਪ੍ਰਾਪਤੀ ਲਈ ਸਬੰਧਤ ਕਿਸਾਨਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ, ਉਦੋਂ ਤੱਕ ਰਜਵਾਹੇ ਦੀ ਉਸਾਰੀ ਦਾ ਕੰਮ ਰੋਕਿਆ ਜਾਵੇ ਤਾਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਲੈ ਕੇ ਕਿਸੇ ਕਿਸਮ ਦੀ ਧੱਕੇਸ਼ਾਹੀ ਨਾ ਹੋਵੇ। ਇਸ ਮੌਕੇ ਮਾਲ ਵਿਭਾਗ ਦੇ ਕਾਨੂੰਗੋ ਰਾਜਵਿੰਦਰ ਸਿੰਘ ਧਾਲੀਵਾਲ, ਪਟਵਾਰੀ ਨਿਰਪਜੀਤ ਸਿੰਘ ਮਡੇਰ, ਨਹਿਰੀ ਵਿਭਾਗ ਦੇ ਐਸ.ਡੀ.ਓ. ਸੁਖਚੈਨ ਸਿੰਘ, ਜੇ.ਈ. ਬਲਕਰਨ ਸਿੰਘ ਤੋਂ ਇਲਾਵਾ ਕਿਸਾਨ ਨਰਿੰਦਰ ਪਾਲ ਸਿੰਘ ਛੰਨਾ, ਗਰੀਬ ਸਿੰਘ, ਗੁਰਸੇਵਕ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ, ਹਰਨੇਕ ਸਿੰਘ, ਹਰਵਿੰਦਰ ਸਿੰਘ ਬੜੀ, ਭਰਪੂਰ ਸਿੰਘ, ਚਮਕੌਰ ਸਿੰਘ, ਬਲਦੇਵ ਸਿੰਘ, ਬਚਿੱਤਰ ਸਿੰਘ, ਗੁਰਨਾਮ ਸਿੰਘ, ਬੰਤ ਸਿੰਘ, ਜੁਗਰਾਜ ਸਿੰਘ, ਅਵਤਾਰ ਸਿੰਘ, ਬਿੱਕਰ ਸਿੰਘ ਅਤੇ ਕਾਕਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਬੀਕੇਯੂ ਏਕਤਾ ਉਗਰਾਹਾਂ ਨੇ ਕੀਤਾ ਮਾਰਕੀਟ ਕਮੇਟੀ ਦਫ਼ਤਰ ਮੂਨਕ ਦਾ ਘਿਰਾਓ ਅਗਲੀ ਖ਼ਬਰ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ-ਬਰਿੰਦਰ ਕੁਮਾਰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।