ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਗਣਤੰਤਰ ਦਿਵਸ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਂਦੇ ਹੋਏ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਈਟ ਡੋਮੀਨੇਸ਼ਨ ਪ੍ਰੋਗਰਾਮ ਤਹਿਤ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ | ਐੱਸ. ਐੱਸ. ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ 'ਚ ਰਾਤ ਦੌਰਾਨ ਸਖ਼ਤ ਨਿਗਰਾਨੀ, ਨਾਕਾਬੰਦੀ ਅਤੇ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ | ਇਸ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਪੁਲਿਸ ਪਾਰਟੀਆਂ ਨੂੰ ਤਾਇਨਾਤ ਕਰਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਗਹਿਰੀ ਜਾਂਚ ਕੀਤੀ ਜਾ ਰਹੀ ਹੈ | ਮੁੱਖ ਸੜਕਾਂ, ਸੰਵੇਦਨਸ਼ੀਲ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨ ਤੇ ਭੀੜ-ਭਾੜ ਵਾਲੀਆਂ ਥਾਵਾਂ 'ਤੇ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ 'ਤੇ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਵਲੋਂ ਖ਼ੁਦ ਮੈਦਾਨ 'ਚ ਮੌਜੂਦ ਰਹਿ ਕੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ | ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸ਼ਾਂਤੀ ਭੰਗ ਕਰਨ ਵਾਲੇ ਤੱਤਾਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਤੁਰੰਤ ਨਜ਼ਦੀਕੀ ਥਾਣੇ ਜਾਂ ਪੁਲਿਸ ਹੈਲਪ ਲਾਈਨ 'ਤੇ ਸੂਚਨਾ ਦੇਣ | ਫ਼ਿਰੋਜ਼ਪੁਰ ਪੁਲਿਸ ਵਲੋਂ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਤੁਹਾਡੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ ਤੇ ਗਣਤੰਤਰ ਦਿਵਸ ਦੇ ਮੌਕੇ 'ਤੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ |