ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖ਼ਲ ਇਕ ਮਰੀਜ਼ ਵਲੋਂ ਇਲਾਜ ਵਿਚ ਹਸਪਤਾਲ ਸਟਾਫ਼ ਵਲੋਂ ਲਾਪਰਵਾਹੀ ਸਬੰਧੀ ਕੀਤੀ ਗਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਨੇ ਦੇਰ ਰਾਤ ਖ਼ੁਦ ਹਸਪਤਾਲ ਪਹੁੰਚ ਕੇ ਜਾਂਚ ਕੀਤੀ | ਮਰੀਜ਼ ਵਲੋਂ ਪਹਿਲਾਂ ਫ਼ੋਨ ਰਾਹੀਂ ਕੀਤੀ ਸ਼ਿਕਾਇਤ 'ਤੇ ਨਿਰਦੇਸ਼ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਹਸਪਤਾਲ ਸਟਾਫ਼ ਵਲੋਂ ਇਲਾਜ ਪ੍ਰਤੀ ਸੁਹਿਰਦ ਨਾ ਹੋਣ 'ਤੇ ਜਦੋਂ ਮਰੀਜ਼ ਵਲੋਂ ਦੁਬਾਰਾ ਸ਼ਿਕਾਇਤ ਪ੍ਰਾਪਤ ਹੋਈ ਤਾਂ ਸਿਵਲ ਸਰਜਨ ਨੇ ਮੌਕੇ ਹਾਲਤਾਂ ਦਾ ਜਾਇਜ਼ਾ ਲੈਣ ਪਹੁੰਚੇ | ਦੇਰ ਰਾਤ ਕੀਤੀ ਗਈ ਇਸ ਅਚਾਨਕ ਜਾਂਚ ਦੌਰਾਨ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਅਤੇ ਜੱਚਾ-ਬੱਚਾ ਵਾਰਡ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਜਾਂਚ ਦੌਰਾਨ ਹਸਪਤਾਲ ਪ੍ਰਬੰਧਾਂ ਵਿਚ ਕਈ ਗੰਭੀਰ ਖ਼ਾਮੀਆਂ ਸਾਹਮਣੇ ਆਈਆਂ | ਕੁੱਝ ਕਰਮਚਾਰੀਆਂ ਵਲੋਂ ਡਿਊਟੀ ਪ੍ਰਤੀ ਲਾਪਰਵਾਹੀ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਢੰਗ ਨਾਲ ਨਾ ਨਿਭਾਉਣ ਦੇ ਮਾਮਲੇ ਵੀ ਸਾਹਮਣੇ ਆਏ, ਜਿਸ 'ਤੇ ਸਿਵਲ ਸਰਜਨ ਨੇ ਸਖ਼ਤ ਨਾਰਾਜ਼ਗੀ ਜਤਾਈ | ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੰਬੰਧਿਤ ਸਟਾਫ਼ ਨੂੰ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਤਲਬ ਕੀਤਾ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਵੀ ਅਧਿਕਾਰੀ ਜਾਂ ਕਰਮਚਾਰੀ ਆਪਣਾ ਕੰਮ ਇਮਾਨਦਾਰੀ ਅਤੇ ਨਿਯਮਾਂ ਅਨੁਸਾਰ ਨਹੀਂ ਕਰ ਰਹੇ, ਉਨ੍ਹਾਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਮਰੀਜ਼ਾਂ ਨੂੰ ਸਮੇਂ-ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਹਸਪਤਾਲ ਵਿਚ ਸੁਰੱਖਿਆ ਗਾਰਡਾਂ ਦੀ ਕਮੀ ਅਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਲਈ ਬੈਠਣ ਦੀ ਢੁਕਵੀਂ ਵਿਵਸਥਾ ਨਾ ਹੋਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ, ਜਿਨ੍ਹਾਂ ਦੇ ਹੱਲ ਲਈ ਜਲਦ ਹੀ ਢੁਕਵੇਂ ਕਦਮ ਚੁੱਕੇ ਜਾਣਗੇ | ਇਸ ਤੋਂ ਇਲਾਵਾ ਸਿਵਲ ਸਰਜਨ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਹਸਪਤਾਲ ਵਿਚ ਨਵੀਂ ਈ.ਸੀ.ਜੀ ਮਸ਼ੀਨ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ | ਨਾਲ ਹੀ ਇਹ ਵੀ ਹਦਾਇਤ ਦਿੱਤੀ ਗਈ ਕਿ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਹਰ ਰੋਜ਼ ਨਰਸਿੰਗ ਸਿਸਟਰ ਨੂੰ ਨਾਲ ਲੈ ਕੇ ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਅਤੇ ਹੋਰ ਵਾਰਡਾਂ ਦਾ ਦੌਰਾ ਕਰਨਾ ਯਕੀਨੀ ਬਣਾਇਆ ਜਾਵੇ | ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਵੀ ਹਰ ਹਫ਼ਤੇ ਇਨ੍ਹਾਂ ਵਾਰਡਾਂ ਦੀ ਜਾਂਚ ਕੀਤੀ ਜਾਵੇਗੀ | ਐਮਰਜੈਂਸੀ ਵਾਰਡ ਵਿਚ ਸਪੈਸ਼ਲਿਸਟ ਡਾਕਟਰਾਂ ਦੀ ਆਨ-ਕਾਲ ਡਿਊਟੀ ਦਾ ਰਜਿਸਟਰ ਰੱਖਣ ਦੇ ਹੁਕਮ ਵੀ ਜਾਰੀ ਕੀਤੇ ਗਏ, ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਅÏਕੜ ਦਾ ਸਾਹਮਣਾ ਨਾ ਕਰਨਾ ਪਵੇ |