ਗੁਰੂਹਰਸਹਾਏ, 21 ਜਨਵਰੀ (ਕਪਿਲ ਕੰਧਾਰੀ)-ਸਿਹਤ ਵਿਭਾਗ ਵਿਚ ਪੁਖ਼ਤਾ ਸੁਧਾਰ ਕਰਨ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵਲ਼ੋਂ ਸੀ.ਐੱਚ.ਸੀ ਸੈਂਟਰ ਗੁਰੂਹਰਸਹਾਏ ਵਿਖੇ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਸੀ.ਐੱਚ.ਸੀ ਗੁਰੂਹਰਸਹਾਏ ਦੇ ਓ.ਪੀ.ਡੀ, ਜੱਚਾ ਬੱਚਾ ਵਾਰਡ, ਲੈਬ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਡਾ. ਕਰਨਵੀਰ ਕੌਰ ਸੀਨੀਅਰ ਮੈਡੀਕਲ ਅਫ਼ਸਰ, ਡਾ. ਗੁਰਪ੍ਰੀਤ ਕੰਬੋਜ ਮੈਡੀਕਲ ਅਫ਼ਸਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨਾਲ ਸਨ | ਜਾਣਕਾਰੀ ਸਾਂਝੀ ਕਰਦਿਆਂ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਕਿਹਾ ਕਿ ਸੂਬਾ ਸਰਕਾਰ ਵਲ਼ੋਂ ਲੋਕਾਂ ਨੂੰ ਮਿਆਰੀ ਪੱਧਰ ਦੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਦਿਨ ਰਾਤ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਤਹਿਤ ਉਨ੍ਹਾਂ ਵਲ਼ੋਂ ਲਗਾਤਾਰ ਸਿਹਤ ਕੇਂਦਰ ਦੇ ਦੌਰੇ ਕਰਕੇ ਵੱਧ ਤਾੋ ਵੱਧ ਸੁਧਾਰ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋਂ ਸਿਹਤ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਗਰਭਵਤੀ ਅÏਰਤਾਂ ਦੀ ਸਿਹਤ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਤਾਂ ਜੋ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ | ਇਸ ਤੋਂ ਇਲਾਵਾ ਹਾਈ-ਰਿਸਕ ਗਰਭ ਅਵਸਥਾ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨਾ ਅਤੇ ਉਨ੍ਹਾਂ ਦਾ ਮਾਹਿਰ ਡਾ. ਕੋਲ ਚੈੱਕ ਅੱਪ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿਚ ਕਰਵਾਏ ਜਾਣ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ | ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਗਰਭਵਤੀ ਅÏਰਤ ਤੱਕ ਪਹੁੰਚਣਾ ਯਕੀਨੀ ਬਣਾਉਣ ਅਤੇ ਜ਼ੋਰ ਦਿੰਦਿਆਂ ਕਿਹਾ ਕਿ 'ਜਨਨੀ ਸੁਰੱਖਿਆ ਯੋਜਨਾ' ਅਤੇ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਵਰਗੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਅÏਰਤ ਤੱਕ ਜ਼ਰੂਰ ਪਹੁੰਚਾਇਆ ਜਾਵੇ | ਲਿੰਗ ਨਿਰਧਾਰਨ ਟੈੱਸਟਾਂ ਦੀ ਰੋਕਥਾਮ ਲਈ ਪੀ.ਐਨ.ਡੀ.ਟੀ ਐਕਟ ਦੀ ਸਖ਼ਤੀ ਨਾਲ ਪਾਲਨਾ ਕਰਨਾ ਅਤੇ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਵਿਰੁੱਧ ਸਖ਼ਤ ਰੁਖ ਅਖਤਿਆਰ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ | ਮੀਟਿੰਗ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਹਰ ਗਰਭਵਤੀ ਅÏਰਤ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ | ਡਾਕਟਰਾਂ ਨੂੰ ਚਾਹੀਦਾ ਹੈ ਕਿ ਉਹ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣ ਅਤੇ ਐਮਰਜੈਂਸੀ ਸੇਵਾਵਾਂ ਲਈ ਹਮੇਸ਼ਾ ਤਿਆਰ ਰਹਿਣ | ਇਸ ਮੌਕੇ ਬਿੱਕੀ ਕੌਰ ਬੀ. ਈ. ਈ, ਅਜੇ ਕੁਮਾਰ ਐਮ. ਐਲ. ਟੀ ਗ੍ਰੇਡ1 ,ਕੁਲਜੀਤ ਸਿੰਘ ਸਟੈਨੋ, ਸੰਦੀਪ ਸਿੰਘ ਆਈ. ਏ ਆਦਿ ਸਮੂਹ ਸਟਾਫ਼ ਹਾਜ਼ਰ ਸੀ |