ਫ਼ਿਰੋਜ਼ਪੁਰ, 26 ਮਾਰਚ (ਗੁਰਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰੁਚਿਕਾ ਨੰਦਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਕੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਖੇਡ ਗਤੀਵਿਧੀਆਂ ਦਾ ਸਫਲ ਆਯੋਜਨ ਕੀਤਾ ਗਿਆ | ਇਸ ਉਪਰਾਲੇ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਮੈਮੋਰੀਅਲ ਸੋਸਾਇਟੀ ਨੇ ਭਰਪੂਰ ਸਹਿਯੋਗ ਦਿੱਤਾ | ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ | ਪ੍ਰੋਗਰਾਮ ਦੌਰਾਨ ਕਬੱਡੀ, ਲੰਬੀ ਛਾਲ ਅਤੇ ਕੁਸ਼ਤੀ ਵਰਗੀਆਂ ਰਵਾਇਤੀ ਖੇਡਾਂ ਦਾ ਆਯੋਜਨ ਕਰਵਾਇਆ ਗਿਆ | ਜਿਨ੍ਹਾਂ ਵਿਚ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ | ਸ੍ਰੀਮਤੀ ਰੁਚਿਕਾ ਨੰਦਾ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰਨਾਕ ਜਾਲ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਖੇਡਾਂ ਰਾਹੀਂ ਸਕਾਰਾਤਮਿਕ ਦਿਸ਼ਾ ਵੱਲ ਮੋੜਨਾ ਸੀ, ਤਾਂ ਜੋ ਇਕ ਤੰਦਰੁਸਤ ਅਤੇ ਸਚੇਤ ਸਮਾਜ ਦੀ ਸਿਰਜਣਾ ਹੋ ਸਕੇ | ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮੇਂ ਦੀ ਲੋੜ ਹਨ ਅਤੇ ਇਨ੍ਹਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ | ਅੰਤ ਵਿਚ ਵੱਖ-ਵੱਖ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ, ਟੀਮ ਮੈਂਬਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਦਾ ਸਮੂਹ ਸਟਾਫ ਵੀ ਮੌਜੂਦ ਰਿਹਾ |