ਮੁੱਦਕੀ, 30 ਮਾਰਚ (ਭਾਰਤ ਭੂਸ਼ਨ ਅਗਰਵਾਲ)- ਪਿੰਡਾਂ ਅਤੇ ਨਜ਼ਦੀਕੀ ਇਲਾਕਿਆਂ ਵਿਚ ਆਧੁਨਿਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਏ ਵਨ ਨਾਗੀ ਹਸਪਤਾਲ ਮੁੱਦਕੀ ਇੱਕ ਮਿਸਾਲ ਬਣਦਾ ਜਾ ਰਿਹਾ ਹੈ | ਹਸਪਤਾਲ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ, ਆਈ.ਸੀ.ਯੂ. ਅਤੇ ਲਾਈਫ਼ ਸਪੋਰਟ ਸਹੂਲਤਾਂ, ਤਜਰਬੇਕਾਰ ਡਾਕਟਰਾਂ ਦੀ ਟੀਮ ਅਤੇ ਆਧੁਨਿਕ ਮੈਡੀਕਲ ਉਪਕਰਨਾਂ ਦੇ ਨਾਲ ਮਰੀਜ਼-ਕੇਂਦਰਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਹਸਪਤਾਲ ਵੱਲੋਂ ਸਮੇਂ-ਸਿਰ ਅਤੇ ਪਾਰਦਰਸ਼ੀ ਇਲਾਜ ਪ੍ਰਦਾਨ ਕਰਨਾ ਇਸ ਦੀ ਵੱਖਰੀ ਪਛਾਣ ਬਣ ਚੁੱਕੀ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ | ਅੱਜ ਹਲਕਾ ਬਾਘਾ ਪੁਰਾਣਾ ਦੇ ਮਾਣਯੋਗ ਐਮ.ਐਲ.ਏ ਸ: ਅੰਮਿ੍ਤਪਾਲ ਸਿੰਘ ਸੁਖਾਨੰਦ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਹਸਪਤਾਲ ਵਿਚ ਦਾਖਲ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਵੀ ਕੀਤਾ ਅਤੇ ਮੈਡੀਕਲ ਸਟਾਫ਼ ਨਾਲ ਗੱਲਬਾਤ ਕੀਤੀ | ਐਮ.ਐਲ.ਏ ਸੁਖਾਨੰਦ ਨੇ ਕਿਹਾ ਕਿ ਸਰਕਾਰ ਦੀਆਂ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਇਸ ਤਰ੍ਹਾਂ ਦੇ ਹਸਪਤਾਲਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਹਸਪਤਾਲ ਦੇ ਡਾਇਰੈਕਟਰ ਡਾ: ਕੁਲਦੀਪ ਸਿੰਘ ਨਾਗੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਸਪਤਾਲ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜਿਸ ਨਾਲ ਗ਼ਰੀਬ ਅਤੇ ਜ਼ਰੂਰਤਮੰਦ ਮਰੀਜ਼ਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦਾ ਮੁੱਖ ਲਕਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਵੱਲੋਂ ਐਮ.ਐਲ.ਏ ਸੁਖਨੰਦ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਲੋਕਾਂ ਦੀ ਸਿਹਤ ਸੇਵਾ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਹਸਪਤਾਲ ਆਉਣ ਵਾਲੇ ਸਮੇਂ ਵਿਚ ਹੋਰ ਵੀ ਉੱਚ ਮਿਆਰ ਸਥਾਪਿਤ ਕਰੇਗਾ | ਇਸ ਮੌਕੇ ਨਰਿੰਦਰ ਕੁਮਾਰ ਨੋਨੀ ਸੀਨੀਅਰ ਆਗੂ ਆਮ ਆਦਮੀ ਪਾਰਟੀ ਹਾਜ਼ਰ ਸਨ |