ਫਿਰੋਜ਼ਪੁਰ, 31 ਮਾਰਚ (ਗੁਰਿੰਦਰ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵਲੋਂ ਸੂਬਾ ਪੱਧਰੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਅਧਿਆਪਕਾਂ 'ਤੇ ਜਬਰੀ ਥੋਪੇ ਜਾ ਰਹੇ ਟੈੱਟ ਅਤੇ ਕੀਤੀਆਂ ਵਾਅਦਾ ਖਿਲਾਫੀਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ | ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਪਿਛਲੇ ਸੰਘਰਸ਼ਾਂ ਦੇ ਨਤੀਜੇ ਵਜੋਂ ਸਿੱਖਿਆ ਮੰਤਰੀ ਵਲੋਂ ਟੈੱਟ ਦੇ ਮਾਮਲੇ 'ਚ ਰੀਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਸਰਕਾਰ ਨੇ ਦੋਵੇਂ ਮੰਗਾਂ ਤੋਂ ਮੁੱਕਰ ਕੇ ਅਧਿਆਪਕਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਵੀ ਕੌਮੀ ਸਿੱਖਿਆ ਨੀਤੀ 2020 ਨੂੰ ਪੰਜਾਬ ਵਿਚ ਲਾਗੂ ਨਾ ਕਰਨ ਅਤੇ ਆਪਣੀ ਨੀਤੀ ਬਣਾਉਣ ਦੇ ਭਰੋਸੇ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਅਧਿਆਪਕ ਆਪਣੇ ਵਿਸ਼ਿਆਂ ਦੇ ਮਾਹਿਰ ਹਨ ਅਤੇ ਬੇਲੋੜੇ ਟੈੱਸਟਾਂ ਰਾਹੀਂ ਉਨ੍ਹਾਂ ਦੀ ਯੋਗਤਾ 'ਤੇ ਸਵਾਲ ਉਠਾਉਣਾ ਗ਼ਲਤ ਹੈ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਲੋਕਾਂ ਵਿਚ ਸਹਿਮ ਪੈਦਾ ਕਰ ਰਹੀ ਹੈ ਅਤੇ ਨੀਤੀਗਤ ਤੌਰ 'ਤੇ ਅਧਿਆਪਕਾਂ ਦੀ ਸੇਵਾ ਸੁਰੱਖਿਆ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ | ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਕਿ 19 ਅਪ੍ਰੈਲ ਨੂੰ ਹੋਣ ਵਾਲੇ ਇਨ ਸਰਵਿਸ ਟੈੱਟ ਵਿਚ ਸੂਬਾ ਪੱਧਰੀ ਆਗੂ ਹਿੱਸਾ ਨਹੀਂ ਲੈਣਗੇ ਅਤੇ ਸਮੂਹ ਅਧਿਆਪਕਾਂ ਨੂੰ ਵੀ ਬਹਿਸ਼ਕਾਰ ਕਰਨ ਦੀ ਅਪੀਲ ਕਰਨਗੇ | ਇਸ ਤੋਂ ਇਲਾਵਾ 6 ਅਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਵਿਚ ਵੱਡੀ ਭਾਗੀਦਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ | ਜਥੇਬੰਦੀ ਵਲੋਂ 11 ਅਪ੍ਰੈਲ ਨੂੰ ਸੰਗਰੂਰ ਵਿਚ ਮੁੱਖ ਮੰਤਰੀ ਨਿਵਾਸ ਤੱਕ Tਵਾਅਦਾ ਖ਼ਿਲਾਫ਼ੀ ਮਾਰਚUਕਰਨ ਦਾ ਵੀ ਐਲਾਨ ਕੀਤਾ ਗਿਆ | ਡੀ.ਟੀ.ਐੱਫ. ਨੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਟੈੱਟ ਅਤੇ ਨੌਨ-ਟੈੱਟ ਦੇ ਵਖਰੇਵੇਂ ਤੋਂ ਉੱਪਰ ਉੱਠ ਕੇ ਸੰਘਰਸ਼ ਵਿਚ ਸ਼ਾਮਲ ਹੋਣ | ਮੀਟਿੰਗ ਵਿਚ ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੀ.ਟੀ.ਐੱਫ. ਦੇ ਸੂਬਾ ਆਗੂ ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਮੁਕੇਸ਼ ਕੁਮਾਰ, ਜਗਪਾਲ ਬੰਗੀ, ਹਰਜਿੰਦਰ ਵਡਾਲਾ, ਪਵਨ ਮੁਕਤਸਰ, ਜੋਸ਼ੀਲ ਤਿਵਾੜੀ, ਅਮੋਲਕ ਡੇਲੂਆਣਾ, ਮੇਘਰਾਜ, ਰਘਵੀਰ ਭਵਾਨੀਗੜ੍ਹ, ਜਸਵੀਰ ਸਿੰਘ ਸੰਧੂ, ਰਮਨਜੀਤ ਸੰਧੂ, ਪ੍ਰਤਾਪ ਸਿੰਘ ਠੱਠਗੜ, ਕੌਰ ਸਿੰਘ ਫੱਗੂ, ਰੁਪਿੰਦਰ ਪਾਲ ਗਿੱਲ, ਸੁਖਵਿੰਦਰ ਗਿਰ, ਹੰਸਾ ਸਿੰਘ ਮਾਨਸਾ, ਰਜਿੰਦਰ ਗੁਰੂ, ਜਸਵੀਰ ਸਿੰਘ ਭੱਮਾਂ, ਜਤਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ, ਗਿਆਨ ਚੰਦ ਰੋਪੜ, ਤਜਿੰਦਰ ਸਿੰਘ ਕਪੂਰਥਲਾ, ਅਮਰੀਕ ਸਿੰਘ ਜਲੰਧਰ, ਗੁਰਮੇਲ ਸਿੰਘ ਮਲਕਾਣਾ, ਗੁਰਵਿੰਦਰ ਸਿੰਘ ਫ਼ਾਜ਼ਿਲਕਾ,ਗੁਰਬਿੰਦਰ ਖ਼ੈਰਾ ਇੰਦਰ ਸੁਖਦੀਪ ਓਡਰਾ, ਦਲਜੀਤ ਸਫ਼ੀਪੁਰ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਮਨੋਹਰ ਨਵਾਂਸ਼ਹਿਰ, ਜਸਪਾਲ ਚੌਧਰੀ, ਵਿਕਰਮਜੀਤ ਮਲੇਰਕੋਟਲਾ, ਉਪਕਾਰ ਸਿੰਘ, ਅਮਰਦੀਪ ਤਰਨਤਾਰਨ, ਸੁਨੀਲ ਕੁਮਾਰ, ਪ੍ਰੇਮ ਕੰਬੋਜ, ਵਿਕਰਮ ਜਲੰਧਰ ਹਾਜ਼ਰ ਸਨ |