ਗੁਰੂਹਰਸਹਾਏ, 31 ਮਾਰਚ(ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਮਾਣਯੋਗ ਹਾਈਕੋਰਟ ਵਿੱਚ ਮਹਿੰਗਾਈ ਭੱਤੇ (ਡੀਏ) ਸਬੰਧੀ ਦਿੱਤੇ ਗਏ ਹਲਫ਼ੀਆ ਬਿਆਨ ਦੀ 'ਇੰਜੀਨੀਅਰਜ਼ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ' ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਐਸੋਸੀਏਸ਼ਨ ਦੇ ਜ਼ਿਲ੍ਹਾ ਸਰਪ੍ਰਸਤ ਇੰਜੀਨੀਅਰ ਬਲਬੀਰ ਸਿੰਘ ਵੋਹਰਾ ਨੇ ਕਿਹਾ ਕਿ ਸਰਕਾਰ ਵਲੋਂ ਇਹ ਕਹਿਣਾ ਕਿ Tਡੀਏ ਦੇਣਾ ਕੋਈ ਕਾਨੂੰਨੀ ਜ਼ਿੰਮੇਵਾਰੀ ਨਹੀਂ, ਕਰੀਬ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ 'ਤੇ ਸਿੱਧਾ ਡਾਕਾ ਹੈ | ਉਨ੍ਹਾਂ ਕਿਹਾ ਕਿ ਇਹ ਕਦਮ ਇਤਿਹਾਸ ਨਾਲ ਛੇੜਛਾੜ ਦੇ ਬਰਾਬਰ ਹੈ | 15 ਸਤੰਬਰ 1967 ਨੂੰ ਤਤਕਾਲੀ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਵਲੋਂ ਡੀਏ ਨੂੰ ਕੇਂਦਰੀ ਪੈਟਰਨ ਨਾਲ ਜੋੜਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਸੀ | ਜਿਸ ਨੂੰ ਮਾਨ ਸਰਕਾਰ ਹੁਣ ਖਤਮ ਕਰਨ ਦੇ ਰਾਹ 'ਤੇ ਹੈ | ਉਨ੍ਹਾਂ ਦੱਸਿਆ ਕਿ ਹਾਈਕੋਰਟ ਵਲੋਂ ਬਕਾਇਆ ਰਕਮ ਨਗਦ ਅਦਾ ਕਰਨ ਅਤੇ ਕਿਸ਼ਤਾਂ ਜਾਰੀ ਕਰਨ ਦੇ ਹੁਕਮਾਂ ਦੇ ਬਾਵਜੂਦ ਵੀ ਵਿੱਤ ਵਿਭਾਗ ਖ਼ਜ਼ਾਨੇ ਦੀ ਹਾਲਤ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਰਿਹਾ ਹੈ | ਇੰਜੀਨੀਅਰ ਵੋਹਰਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਲ 2002 ਵਿਚ ਵੀ ਕੈਪਟਨ ਸਰਕਾਰ ਵਲੋਂ ਅਜਿਹੀ ਕੋਸ਼ਿਸ਼ ਕੀਤੀ ਗਈ ਸੀ, ਪਰ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਕਾਰਨ ਉਹ ਫੈਸਲਾ ਵਾਪਸ ਲੈਣਾ ਪਿਆ ਸੀ | ਅੰਤ ਵਿਚ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਮੁਲਾਜ਼ਮ ਵਿਰੋਧੀ ਰਵੱਈਆ ਨਾ ਛੱਡਿਆ ਤਾਂ 2027 ਦੀਆਂ ਚੋਣਾਂ ਵਿਚ ਇਸ ਦੇ ਗੰਭੀਰ ਸਿਆਸੀ ਨਤੀਜੇ ਨਿਕਲਣਗੇ | ਹਰ ਇਕ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੇ ਖ਼ਿਲਾਫ਼ ਇਕੱਠੇ ਹੋ ਕੇ ਵੋਟ ਦੀ ਚੋਟ ਮਾਰੇਗਾ |