ਗੁਰੂਹਰਸਹਾਏ, 17 ਜੁਲਾਈ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ ਹੈ। ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਸਫ਼ਾਈ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਵਿਚ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਫ਼ਰੀਦਕੋਟ ਰੋਡ ਸਥਿਤ ਲਾਈਟਾਂ ਵਾਲੇ ਚੌਂਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਮਚਾਰੀ ਆਗੂ ਸੋਨੂੰ ਅਤੇ ਹੋਰ ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਅਤੇ ਹੋਰ ਲੰਬਿਤ ਮੰਗਾਂ ਨੂੰ ਪੂਰਾ ਕਰਨ ਲਈ ਉਹ ਕਈ ਵਾਰ ਸਰਕਾਰ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਸਰਕਾਰ ਵਲੋ ਉਨ੍ਹਾਂ ਦੀਆ ਮੰਗਾਂ ਨੂੰ ਲੈਕੇ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜਬੂਰਨ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।