ਮੁੱਦਕੀ, 19 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਕਾਰਨ ਇਤਿਹਾਸਕ ਕਸਬਾ ਮੁੱਦਕੀ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੇਨ ਸੜਕਾਂ ’ਤੇ ਗੰਦਗੀ ਦੇ ਢੇਰ ਲੱਗ ਚੁੱਕੇ ਹਨ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਲਈ ਸੜਕਾਂ ’ਤੇ ਲੰਘਣਾ ਮੁਸ਼ਕਿਲ ਹੋ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਹ ਹੜਤਾਲ ਲੰਬੀ ਚੱਲਦੀ ਹੈ ਤਾਂ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਸਕਦਾ ਹੈ। ਖ਼ਾਸ ਕਰਕੇ ਗਰਮੀ ਦੇ ਮੌਸਮ ਵਿਚ ਕੂੜੇ ਦੇ ਢੇਰ ਅਤੇ ਗੰਦਗੀ ਕਾਰਨ ਲੋਕਾਂ ਨੂੰ ਹੋਰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੂੜਾ ਕਈ ਦਿਨਾਂ ਤੋਂ ਪਿਆ ਹੋਣ ਕਾਰਨ ਸੜਨ ਲੱਗ ਪਿਆ ਹੈ ਅਤੇ ਉਸ ਵਿਚ ਆਵਾਰਾ ਪਸ਼ੂ ਅਤੇ ਹੋਰ ਜਾਨਵਰ ਮੂੰਹ ਮਾਰ ਰਹੇ ਹਨ। ਜਿਸ ਨਾਲ ਗੰਦਗੀ ਹੋਰ ਵੱਧ ਰਹੀ ਹੈ। ਲੋਕਾਂ ਦੀ ਮੰਗ ਹੈ ਕਿ ਸਫ਼ਾਈ ਸੇਵਕਾਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ ਅਤੇ ਕਸਬੇ ਅੰਦਰ ਵੱਖ-ਵੱਖ ਥਾਵਾਂ ’ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਜਾਵੇ।