ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਾ. ਗੁਰਮੇਲ ਸਿੰਘ ਸੰਧੂ ਨੇ ਕਿਸਾਨਾਂ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਨਾਲ ਜ਼ਮੀਨ ਦੀ ਸਿਹਤ ਵਿਚ ਹੋਣ ਵਾਲੇ ਸੁਧਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਖੇਤ ਵਿਚ ਦਬਾ ਰਹੇ ਹਨ, ਉਹ ਤਿੰਨ ਸਾਲਾਂ ਬਾਅਦ ਆਪਣੀ ਮਿੱਟੀ ਟੈਸਟ ਕਰਾ ਕੇ ਜੈਵਿਕ ਮਾਦੇ ਦਾ ਫਰਕ ਦੇਖ ਸਕਦੇ ਹਨ। ਇਸ ਦੌਰਾਨ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਬਜ਼ੀਆਂ ਵਿਚ ਖਾਦਾਂ ਦੀ ਵਰਤੋਂ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਅਤੇ ਕਿਸਾਨਾਂ ਨੂੰ ਸਬਜ਼ੀਆਂ ਦੀਆਂ ਸਿਫਾਰਸ਼ ਕਿਸਮਾਂ ਅਪਨਾਉਣ ਦੀ ਸਲਾਹ ਦਿੱਤੀ। ਡਾ. ਹਰਵਿੰਦਰ ਸਿੰਘ ਬੁੱਟਰ, ਸਹਾਇਕ ਪ੍ਰੋਫ਼ੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨਾਲ ਫਸਲੀ ਰਹਿੰਦ-ਖੂੰਹਦ ਸਬੰਧੀ ਮਸ਼ੀਨਰੀ ਅਤੇ ਝੋਨੇ ਅਤੇ ਬਾਸਮਤੀ ਵਿੱਚ ਕੀਟ ਅਤੇ ਬਿਮਾਰੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਦੇ ਅਖੀਰ ਵਿਚ ਮਾਹਿਰਾਂ ਵਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।