ਤਹਿਸੀਲ ਪੱਧਰ ’ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਧਰਨਾ
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ): ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾਈ ਸੱਦੇ ’ਤੇ ਤਹਿਸੀਲ ਫ਼ਿਰੋਜ਼ਪੁਰ ਵਿਖੇ ਸਮੂਹ ਪਟਵਾਰੀ ਸਾਥੀਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰ ’ਤੇ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਵੱਡੀ ਗਿਣਤੀ ਵਿਚ ਪਟਵਾਰੀਆਂ, ਕਾਨੂੰਗੋਆਂ ਤੇ ਸੇਵਾਮੁਕਤ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ): ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾਈ ਸੱਦੇ ’ਤੇ ਤਹਿਸੀਲ ਫ਼ਿਰੋਜ਼ਪੁਰ ਵਿਖੇ ਸਮੂਹ ਪਟਵਾਰੀ ਸਾਥੀਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰ ’ਤੇ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਵੱਡੀ ਗਿਣਤੀ ਵਿਚ ਪਟਵਾਰੀਆਂ, ਕਾਨੂੰਗੋਆਂ ਤੇ ਸੇਵਾਮੁਕਤ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪਟਵਾਰੀ ਵਰਗ ਨੂੰ ਦਰਪੇਸ਼ ਮੁੱਦਿਆਂ ਨੂੰ ਜੋਰ-ਸ਼ੋਰ ਨਾਲ ਚੁੱਕਿਆ ਤੇ ਮੰਗ ਕੀਤੀ ਕਿ ਸਰਕਾਰ ਵਲੋਂ ਲਾਗੂ ਕੀਤੇ ਗਏ ‘ਸਟੇਟ ਕੇਡਰ’ ਨੂੰ ਤੁਰੰਤ ਰੱਦ ਕਰਕੇ ਪੁਰਾਣਾ ‘ਜ਼ਿਲ੍ਹਾ ਕੇਡਰ’ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ 17 ਜੁਲਾਈ 2020 ਦੇ ਪੱਤਰ ਨੂੰ ਰੱਦ ਕਰਦਿਆਂ ਨਵੇਂ ਭਰਤੀ ਹੋਏ ਪਟਵਾਰੀਆਂ ਦੀਆਂ ਤਨਖਾਹਾਂ ਵਧਾ ਕੇ ਪੁਰਾਣੇ ਪਟਵਾਰੀਆਂ ਦੇ ਬਰਾਬਰ ਕਰਨ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ 1056 ਪਟਵਾਰੀਆਂ ਦੀਆਂ ਘਟਾਈਆਂ ਗਈਆਂ ਅਸਾਮੀਆਂ ਨੂੰ ਤੁਰੰਤ ਮੁੜ ਬਹਾਲ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਵਿਚ ਰਿਟਾਇਰਡ ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ, ਰਿਟਾਇਰਡ ਕਾਨੂੰਗੋ ਹਰਮੀਤ ਵਿਦਿਆਰਥੀ, ਸਾਬਕਾ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਸੈਣੀ, ਰਾਕੇਸ਼ ਕਪੂਰ, ਜਸਵਿੰਦਰ ਸਿੰਘ ਰਿਟਾਇਰਡ ਪਟਵਾਰੀ, ਜ਼ਿਲ੍ਹਾ ਪ੍ਰਧਾਨ ਵਿਜੇ ਚੌਧਰੀ, ਜ਼ਿਲ੍ਹਾ ਜਨਰਲ ਸਕੱਤਰ ਅਤੁਲ ਧਵਨ, ਤਹਿਸੀਲ ਪ੍ਰਧਾਨ ਅਨਿਲ ਕੁਮਾਰ, ਕਾਨੂੰਗੋ ਵਤਨਪ੍ਰੀਤ ਸਿੰਘ, ਗੁਰਦੇਵ ਸਿੰਘ, ਤਹਿਸੀਲ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਔਲਖ ਅਤੇ ਸਹਾਇਕ ਤਹਿਸੀਲ ਜਨਰਲ ਸਕੱਤਰ ਕਿਰਨਜੀਤ ਕੌਰ ਸਮੇਤ ਹੋਰ ਪਟਵਾਰੀ ਸਾਥੀ ਹਾਜ਼ਰ ਸਨ।