ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਗੜੇਮਾਰੀ ਤੇ ਬੇਮੌਸਮੀ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ
ਪੰਜੇ ਕੇ ਉਤਾੜ, 16 ਅਕਤੂਬਰ (ਪੱਪੂ ਸੰਧਾ)- ਇਲਾਕੇ ਵਿਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਜੀਵਾਂ ਅਰਾਈਂ, ਨਿਧਾਨਾ, ਬੋੜਾ, ਚੱਕ ਮਹੰਤਾਂ ਵਾਲਾ ਤੇ ਮਹੰਤਾਂ ਵਾਲਾ ਸਮੇਤ ਹੋਰ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਖੇਤਾਂ ਵਿਚ ਪਹੁੰਚ ਕੇ ਨੁਕਸਾਨੀਆਂ ਫ਼ਸਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ।
ਪੰਜੇ ਕੇ ਉਤਾੜ, 16 ਅਕਤੂਬਰ (ਪੱਪੂ ਸੰਧਾ)- ਇਲਾਕੇ ਵਿਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਜੀਵਾਂ ਅਰਾਈਂ, ਨਿਧਾਨਾ, ਬੋੜਾ, ਚੱਕ ਮਹੰਤਾਂ ਵਾਲਾ ਤੇ ਮਹੰਤਾਂ ਵਾਲਾ ਸਮੇਤ ਹੋਰ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਖੇਤਾਂ ਵਿਚ ਪਹੁੰਚ ਕੇ ਨੁਕਸਾਨੀਆਂ ਫ਼ਸਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕੁਦਰਤ ਦੀ ਕਰੋਪੀ ਹੈ, ਜਿਸ ਨੂੰ ਰੋਕਣਾ ਮਨੁੱਖ ਦੇ ਵੱਸ ਵਿਚ ਨਹੀਂ ਹੈ। ਹਾਲਾਂਕਿ, ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦੀ ਫ਼ਸਲ ਦਾ ਹੋਇਆ ਨੁਕਸਾਨ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੌਜੂਦ ਨਾਇਬ ਤਹਿਸੀਲਦਾਰ ਅਤੇ ਪਟਵਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਦੀ ਜਲਦੀ ਗਿਰਦਾਵਰੀ ਕਰਵਾ ਕੇ ਨੁਕਸਾਨ ਸਬੰਧੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਰਿਪੋਰਟ ਦੇ ਆਧਾਰ ’ਤੇ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਜਾਰੀ ਕੀਤਾ ਜਾਵੇਗਾ ਤੇ ਰਾਹਤ ਦੀ ਰਕਮ ਸਬੰਧਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਹੁੰਚਾਈ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਫ਼ਸਲਾਂ ਦੇ ਨੁਕਸਾਨ ਸਬੰਧੀ ਪ੍ਰਸ਼ਾਸਨਿਕ ਕਾਰਵਾਈ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਬਚਿੱਤਰ ਸਿੰਘ ਲਾਡੀ ਪੀ.ਏ., ਸੁਖਜਿੰਦਰ ਸਿੰਘ ਸਰਪੰਚ ਬਰਾੜ ਝਾੜੀਵਾਲਾ ਤੇ ਆਮ ਆਦਮੀ ਪਾਰਟੀ ਦੇ ਹੋਰ ਵਲੰਟੀਅਰ ਵੀ ਹਾਜ਼ਰ ਸਨ।