10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਵਿਚ ਕਰੀਬ 5 ਹਜ਼ਾਰ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਕਰਨਗੇ ਭਰਵੀਂ ਸ਼ਮੂਲੀਅਤ

ਫ਼ਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.

ਅਜੀਤ ਡੈਸਕ 11-11-2026
ਫ਼ਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਮੌਕੇ ਮੁਲਾਜ਼ਮ ਆਗੂ ਨਰਿੰਦਰ ਸਿੰਘ, ਕਮਿਊਨਿਟੀ ਹੈਲਥ ਅਫ਼ਸਰ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਬਣ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਕੋਵਿਡ-19 ਵਰਗੀ ਭਿਆਨਕ ਮਹਾਂਮਾਰੀ ਦੌਰਾਨ ਵੀ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਈਆਂ ਅਤੇ ਹਰ ਔਖੇ ਸਮੇਂ ਵਿਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹਾਂ, ਸੇਵਾ ਸ਼ਰਤਾਂ ਅਤੇ ਨੌਕਰੀ ਦੀ ਸੁਰੱਖਿਆ ਵਰਗੇ ਅਹਿਮ ਮਸਲਿਆਂ ਸਬੰਧੀ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਆਗੂ ਬਗੀਚ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਕਈ ਵਾਰ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਆਪਣੀਆਂ ਸਮੱਸਿਆਵਾਂ ਲਿਆਂਦੀਆਂ ਗਈਆਂ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਦੇ ਕੇ ਮਾਮਲੇ ਨੂੰ ਟਾਲ ਦਿੱਤਾ ਜਾਂਦਾ ਹੈ। ਯੂਨੀਅਨ ਆਗੂ ਹਰਜਿੰਦਰ ਸਿੰਘ ਨੇ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 11 ਨਵੰਬਰ ਨੂੰ ਪੰਜਾਬ ਭਰ ਦੇ ਲਗਭਗ 5 ਹਜ਼ਾਰ ਐੱਨ.ਐੱਚ.ਐੱਮ. ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਟੇਟ ਹੈੱਡਕੁਆਟਰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਅਤੇ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੀ ਵੱਡੀ ਗਿਣਤੀ ਵਿਚ ਮੁਲਾਜ਼ਮ ਸ਼ਾਮਲ ਹੋਣਗੇ। ਇਸੇ ਦੌਰਾਨ ਡਾ.ਪ੍ਰੀਤ ਮਖਿਜਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਇਨ੍ਹਾਂ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਚਲਾਉਣ ਵਾਲੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੇ ਸਬਰ ਦਾ ਹੋਰ ਇਮਤਿਹਾਨ ਲੈਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਮੰਗਾਂ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਮੁਕੇਸ਼ , ਜਗਜੀਤ ਸਿੰਘ, ਸੁੱਖਦੇਵ, ਡਾ.ਅਸ਼ੋਕ, ਡਾ.ਗੁਰਵਿੰਦਰ ਸਿੰਘ, ਸੀਮਾ ਰਾਣੀ, ਡਾ.ਲਲਿਤ, ਡਾ.ਯੁਵਰਾਜ ਅਤੇ ਲਵਦੀਪ ਸਿੰਘ ਅਤੇ ਵੱਡੀ ਸੰਖਿਆ ਵਿਚ ਐੱਨ.ਐੱਚ.ਐੱਮ. ਮੁਲਾਜ਼ਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਮੁੱਦਿਆਂ ’ਤੇ ਹੋਈ ਵਿਸਥਾਰਪੂਰਵਕ ਚਰਚਾ, ਮੰਗਾਂ ਜਲਦ ਹੱਲ ਕਰਨ ਦਾ ਮਿਲਿਆ ਭਰੋਸਾ ਅਗਲੀ ਖ਼ਬਰ ਉਦਘਾਟਨ ਤੋਂ ਪਹਿਲਾਂ ਹੀ ਉੱਜੜ ਗਈ ਸ਼ੇਰ-ਏ-ਪੰਜਾਬ ਦੀ ਵਿਰਾਸਤ ਅੰਮ੍ਰਿਤਸਰ ਦੀ ਸੁਰੱਖਿਆ ਕੰਧ ’ਚ ਸਥਾਪਿਤ ਪੁਲਿਸ ਮਿਊਜ਼ੀਅਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।