ਤਲਵੰਡੀ ਸਾਬੋ, 26 ਮਾਰਚ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੇ ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ ਵਲੋਂ ਹਲਕੇ ਵਿਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ | ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਪਿੰਡ ਭਗਵਾਨਗੜ੍ਹ ਵਿਖੇ ਸੰਵਾਦ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਦਸ ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ, ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਮੁਫ਼ਤ ਦੇਣ ਤੋਂ ਇਲਾਵਾ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਸੜਕਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਲਗਭਗ 45,000 ਕਿੱਲੋਮੀਟਰ ਸੜਕਾਂ ਦਾ ਨਵੀਨੀਕਰਨ ਕਰਨ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਤੇ ਪਿੰਡ ਵਾਸੀ ਮੌਜੂਦ ਸਨ |
ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵਲੋਂ ਲੋਕਾਂ ਨਾਲ ਸੰਵਾਦ ਦੀ ਸ਼ੁਰੂਆਤ <br/>
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ |<br/>
27-03-2026