21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬਠਿੰਡਾ ਵਿਚ ਕਪਾਹ ਵਿਸਥਾਰ ਕਮੇਟੀ ਦੀ ਅਹਿਮ ਮੀਟਿੰਗ ਨਰਮੇ ਹੇਠ ਰਕਬਾ ਵਧਾਉਣ 'ਤੇ ਜ਼ੋਰ

ਅਜੀਤ ਡੈਸਕ 27-03-2026
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਾਉਣੀ ਸੀਜਨ ਦੌਰਾਨ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਅੱਜ ਬਠਿੰਡਾ ਵਿਖੇ ਅੰਤਰ-ਰਾਜ ਕਪਾਹ ਵਿਸਥਾਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਖੇਤੀ ਭਵਨ ਵਿਚ ਹੋਈ | ਮੀਟਿੰਗ ਦੀ ਅਗਵਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸਤਵੀਰ ਸਿੰਘ ਗੋਸਲ ਵਲੋਂ ਕੀਤੀ ਗਈ, ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਮੀਟਿੰਗ ਸਫ਼ਲਤਾਪੂਰਵਕ ਸੰਪੰਨ ਹੋਈ | ਇਸ ਮੀਟਿੰਗ ਵਿਚ ਡਿਪਟੀ ਡਾਇਰੈਕਟਰ ਕਪਾਹ ਡਾ: ਕੁਲਵੰਤ ਸਿੰਘ ਦੇ ਨਾਲ ਜ਼ਿਲ੍ਹਾ ਬਠਿੰਡਾ, ਮਾਨਸਾ, ਫਰੀਦਕੋਟ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮੋਗਾ ਦੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੇ ਭਾਗ ਲਿਆ | ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਵੀ ਮੌਜੂਦ ਰਹੇ | ਇਸ ਦੌਰਾਨ ਨਰਮੇ ਹੇਠ ਰਕਬਾ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਵਿਗਿਆਨੀਆਂ ਵਲੋਂ ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲਿਆਂ ਸਬੰਧੀ ਡਾਟਾ ਸਾਂਝਾ ਕਰਦੇ ਹੋਏ ਇਸ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਯੋਜਨਾਬੰਦੀ ਕੀਤੀ ਗਈ, ਤਾਂ ਜੋ ਆਉਣ ਵਾਲੇ ਸੀਜਨ ਵਿਚ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ | ਵਿਗਿਆਨੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿਚ ਪਈਆਂ ਛਟੀਆਂ ਨੂੰ ਚੰਗੀ ਤਰ੍ਹਾਂ ਝਾੜ ਕੇ ਰਹਿੰਦ-ਖੂੰਹਦ ਨੂੰ ਨਸ਼ਟ ਕੀਤਾ ਜਾਵੇ, ਜਿਸ ਨਾਲ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਨੂੰ ਤੋੜਿਆ ਜਾ ਸਕੇ | ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪੁਨਾਹਗੀਰ ਨਦੀਨਾਂ ਦੀ ਸਫ਼ਾਈ 31 ਮਾਰਚ ਤੱਕ ਮੁਕੰਮਲ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਮੀਟਿੰਗ ਦੌਰਾਨ ਸਾਲ 2026-27 ਲਈ ਪ੍ਰਮਾਣਿਤ ਹਾਈਬਿ੍ਡ ਅਤੇ ਬੀ.ਟੀ. ਨਰਮੇ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ | ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਮਿਆਰੀ ਬੀਜਾਂ ਦੀ ਉਪਲਬਧਤਾ ਅਤੇ ਨਹਿਰੀ ਪਾਣੀ ਦੀ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਅੰਤ ਵਿਚ ਡਾ: ਕੁਲਵੰਤ ਸਿੰਘ ਵਲੋਂ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪੰਥਕ ਅਕਾਲੀ ਲਹਿਰ ਵਲੋਂ ਕੋਟਸ਼ਮੀਰ ਵਿਖੇ ਪੰਥਕ ਮੀਟਿੰਗ ਕੱਲ੍ਹ ਅਗਲੀ ਖ਼ਬਰ ਨਗਰ ਮਹਿਰਾਜ ਵਿਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ, ਗਲੀਆਂ ਵਿਚ ਟਾਈਲਾਂ ਅਤੇ ਸ਼ਮਸ਼ਾਨਘਾਟ ਦਾ ਨਵੀਨੀਕਰਨ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।