ਬਠਿੰਡਾ, 30 ਮਾਰਚ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਪਿੰਡ ਹਰੀ ਨੌਂ ਦੇ ਦੋ ਸਕੇ ਕਿਸਾਨ ਭਰਾਵਾਂ ਵਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਅਤੇ ਸੂਬੇ ਦੀਆਂ ਲੈਂਡ ਮਾਰਗੇਜ ਬੈਂਕਾਂ ਵਲੋਂ ਕਰਜ਼ੇ ਬਦਲੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਤੀ ਜਾ ਰਹੀ ਕੁਰਕੀ ਨੂੰ ਬੰਦ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਪੰਜਾਬ ਭਰ ਦੀਆਂ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ (ਲੈਂਡ ਮਾਰਗੇਜ ਬੈਂਕਾਂ) ਮੂਹਰੇ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਦੌਰਾਨ ਕਿਸਾਨਾਂ ਨੇ ਉਕਤ ਬੈਂਕ ਦੇ ਮੁੱਖ ਪ੍ਰਬੰਧਕਾਂ ਅਤੇ ਸਹਿਕਾਰੀ ਮਹਿਕਮੇ ਦੇ ਮੁਖੀ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਸਾੜੇ ਗਏ | ਬਠਿੰਡਾ ਵਿਖੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੂਹਰੇ ਲਗਾਏ ਧਰਨੇ ਦੀ ਅਗਵਾਈ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਆਗੂ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਅਤੇ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਐੱਮ.ਐੱਸ.ਪੀ. ਦਾ ਗਾਰੰਟੀ ਕਾਨੂੰਨ ਲਾਗੂ ਨਾ ਹੋਣ ਕਰਕੇ ਕਿਸਾਨ ਆਪਣੀ ਫ਼ਸਲ ਘੱਟ ਭਾਅ 'ਤੇ ਵੇਚਣ ਕਾਰਨ ਲਗਾਤਾਰ ਕਰਜ਼ਾਈ ਹੋ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਵਲੋਂ 20 ਏਕੜ ਤੋਂ ਉਪਰ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰਨ ਦੀ ਨੀਤੀ ਅਮਲ 'ਚ ਲਿਆਂਦੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੇ | ਉਨ੍ਹਾਂ ਕਿਹਾ ਕਿ ਲੈਂਡ ਮਾਰਗੇਜ ਬੈਂਕ ਦੀ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਨੂੰ ਖ਼ੁਦਕੁਸ਼ੀ ਕਰ ਲਈ ਮਜਬੂਰ ਕਰਨ ਵਾਲੇ ਸਾਰੇ ਸਬੰਧਿਤ ਬੈਂਕ ਮੁਲਾਜ਼ਮਾਂ ਨੂੰ ਸਜਾਵਾਂ ਦਿਵਾਉਣ ਲਈ ਅਤੇ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੇ ਦਿੱਤੇ ਗਏ ਹੁਕਮਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਨੇਹੀਆਂਵਾਲਾ, ਗੁਰਦੀਪ ਸਿੰਘ ਮਹਿਮਾ, ਅਮਰਜੀਤ ਸਿੰਘ ਯਾਤਰੀ, ਬਲਵਿੰਦਰ ਸਿੰਘ ਜੋਧਪੁਰ, ਬਲਵਿੰਦਰ ਸਿੰਘ ਮਾਨਸਾ, ਮਹਿਮਾ ਸਿੰਘ ਤਲਵੰਡੀ ਸਾਬੋ, ਹਰਭਗਵਾਨ ਮਹਿਤਾ, ਅਮਰਜੀਤ ਕੌਰ ਮੰਡੀ ਕਲਾਂ, ਅਮਰਜੀਤ ਕੌਰ ਮਾਈਸਰਖਾਨਾ, ਪਰਮਜੀਤ ਮਹਿਮਾ ਸਵਾਈ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |