ਰਾਮਪੁਰਾ ਫੂਲ, 30 ਮਾਰਚ (ਹੇਮੰਤ ਕੁਮਾਰ ਸ਼ਰਮਾ)-ਭਾਕਿਯੂ ਏਕਤਾ ਸਿੱਧੂਪੁਰ ਦੀ ਅਮਰਜੀਤ ਕੌਰ ਮੰਡੀ ਕਲਾਂ ਨੇ ਬੈਂਕ ਅੱਗੇ ਲਗਾਏ ਧਰਨੇ ਦੌਰਾਨ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਐੱਮ.ਐੱਸ.ਪੀ ਦਾ ਗਾਰੰਟੀ ਕਾਨੂੰਨ ਨਾ ਹੋਣ ਕਰਕੇ ਐੱਮ.ਐੱਸ.ਪੀ ਤੋਂ ਥੱਲੇ ਫ਼ਸਲ ਵੇਚਣ ਕਾਰਨ ਕਰਜ਼ਾਈ ਹੋਏ ਕਿਸਾਨਾਂ ਦੀ ਜ਼ਮੀਨ ਉੱਪਰ ਹੁਣ ਪੰਜਾਬ ਸਰਕਾਰ ਵਲੋਂ ਮੈਲੀ ਅੱਖ ਰੱਖ ਕੇ ਕੁਰਕੀ ਰਾਹੀਂ ਜ਼ਮੀਨਾਂ ਖੋਹਣ ਦੇ ਮਨਸੂਬੇ ਘੜੇ ਜਾ ਰਹੇ ਹਨ ਅਤੇ ਕੁੱਝ ਕਿਸਾਨ ਹਿਤੈਸ਼ੀ ਜਥੇਬੰਦੀਆਂ ਹੋਣ ਦਾ ਦਿਖਾਵਾ ਕਰਨ ਵਾਲੀਆਂ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀ ਇਸ ਜ਼ਮੀਨ ਕੁਰਕੀ ਦੀ ਪਾਲਿਸੀ ਦੀ ਹਮਾਇਤ ਕੀਤੀ ਜਾ ਰਹੀ ਹੈ | ਜਿਸ ਤੋਂ ਉਨ੍ਹਾਂ ਜਥੇਬੰਦੀਆਂ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰਾ ਦੀਆਂ ਐੱਮ.ਐੱਸ.ਪੀ ਦਾ ਗਾਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥਨ ਦੇ ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਨਾ ਮਿਲਣ ਕਾਰਨ ਹੀ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਖ਼ੁਦਕੁਸ਼ੀ ਕਰ ਲਈ ਮਜਬੂਰ ਹੋਣਾ ਪਿਆ ਅਤੇ ਉਨ੍ਹਾਂ ਪੀੜਤ ਕਿਸਾਨਾਂ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਲੈਂਡ ਮਾਰਗੇਜ ਬੈਂਕ ਦੇ ਮੈਨੇਜਰ ਉੱਪਰ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਅਤੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੈਂਡ ਮਾਰਗੇਜ ਬੈਂਕਾਂ ਰਾਹੀਂ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੇ ਦਿੱਤੇ ਗਏ ਹੁਕਮਾਂ ਨੂੰ ਰੱਦ ਕਰਵਾਉਣ ਲਈ 2 ਅਪ੍ਰੈਲ ਨੂੰ ਪੰਜਾਬ ਭਰ ਅੰਦਰ ਲੈਂਡ ਮਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣੇ ਹਨ | ਜਿਸ ਦੀ ਕੜੀ ਤਹਿਤ ਹੀ ਰਾਮਪੁਰਾ ਫੂਲ ਵਿਖੇ ਬੈਂਕ ਅੱਗੇ ਔਰਤਾਂ ਵਲੋਂ ਮੋਰਚਾ ਸੰਭਾਲਦੇ ਹੋਏ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ, ਜਿਸ ਸੰਬੰਧੀ ਸਾਰੀਆਂ ਭੈਣਾਂ ਦੀ ਮੀਟਿੰਗ ਕਰਕੇ ਡਿਊਟੀ ਲਗਾ ਦਿੱਤੀ ਗਈ ਹੈ ਤੇ ਵੱਡੀ ਗਿਣਤੀ ਵਿਚ ਭੈਣਾਂ ਵਲੋਂ ਪਹੁੰਚ ਕੇ ਪਿੰਡ ਹਰੀ ਨੌ ਦੇ ਪੀੜਤ ਕਿਸਾਨ ਵੀਰਾਂ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਜੋ ਜ਼ਮੀਨਾਂ ਦੀ ਕੁਰਕੀ ਕਰਨ ਦਾ ਫੁਰਮਾਨ ਜਾਰੀ ਕੀਤਾ ਗਿਆ ਹੈ, ਉਸ ਨੂੰ ਰੱਦ ਕਰਵਾਉਣ ਲਈ ਵਿੱਢੇ ਗਏ ਸੰਘਰਸ਼ ਦੀ ਅਗਵਾਈ ਕੀਤੀ ਜਾਵੇਗੀ |