ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਹੁਸ਼ਿਆਰਪੁਰ ਜ਼ਿਲ੍ਹੇ ਵਿਚ ਡਾ. ਭੀਮਰਾਵ ਅੰਬੇਡਕਰ ਦੀ ਮੂਰਤੀ ਦੀ ਤੋੜਫੋੜ ਦੀ ਘਟਨਾ 'ਤੇ ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੰੂ ਬਹੁਤ ਹੀ ਨਿੰਦਣਯੋਗ ਕਰਾਰ ਦਿੱਤਾ ਹੈ | ਉਨ੍ਹਾਂ ਨੇ ਇਸ ਘਟਨਾ ਲਈ ਪੁਲਿਸ ਦੀ ਨਿਕੰਮੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਲਾਪ੍ਰਵਾਹੀ ਨੂੰ ਬੇਨਕਾਬ ਕਰਦੀਆਂ ਹਨ | ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਫ਼ਿਰਕੂ ਤਾਕਤਾਂ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਕਰ ਰਹੀਆਂ ਹਨ, ਪਰ ਸੂਬੇ ਦੀ ਭਾਈਚਾਰਕ ਸਾਂਝ ਇੰਨੀ ਮਜ਼ਬੂਤ ਹੈ ਕਿ ਅਜਿਹੇ ਵੰਡ ਕਾਰੀ ਯਤਨ ਕਦੇ ਕਾਮਯਾਬ ਨਹੀਂ ਹੋਣਗੇ | ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਸਰਕਾਰ ਤੋਂ ਜਵਾਬਦੇਹੀ ਤੈਅ ਕਰਨ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ਤੇ ਸੂਬੇ ਵਿਚ ਅਪਰਾਧਿਕ ਘਟਨਾਵਾਂ ਵੱਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿਸ ਰਾਜ ਵਿਚ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਹਨ, ਉੱਥੇ ਆਮ ਨਾਗਰਿਕਾਂ ਦੀ ਸੁਰੱਖਿਆ 'ਤੇ ਗੰਭੀਰ ਸਵਾਲ ਖੜੇ ਹੁੰਦੇ ਹਨ | ਅੰਬੇਡਕਰ ਦੀ ਮੂਰਤੀ ਦੀ ਤੋੜਫੋੜ ਨੂੰ ਉਨ੍ਹਾਂ ਨੇ ਸਮਾਜਿਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ | ਸਰੂਪ ਸਿੰਗਲਾ ਨੇ ਡਾਕਟਰ ਭੀਮਰਾਵ ਅੰਬੇਡਕਰ ਦੀ ਮੂਰਤੀ ਦੀ ਤੁਰੰਤ ਸਨਮਾਨ ਸਹਿਤ ਯਥਾ ਸਥਿਤੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ |