24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ

ਅਜੀਤ ਡੈਸਕ 22-06-2026

ਧਾਰਮਿਕ ਪ੍ਰਬੰਧਾਂ ‘ਚ ਸਰਕਾਰੀ ਦਖ਼ਲ-ਅੰਦਾਜ਼ੀ ਵਿਰੁੱਧ ਇਕਜੁੱਟ ਹੋਵੇ ਪੰਥ- ਜਥੇਦਾਰ ਬਾਬਾ ਟੇਕ ਸਿੰਘ
ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਗੁਰਮਤਿ ਸਮਾਗਮ ਪੂਰਨ ਸ਼ਰਧਾ ਤੇ ਉਤਸ਼ਾਹ ਸਹਿਤ ਕਰਵਾਇਆ ਗਿਆ, ਜਿਸ ਵਿਚ ਸਜਾਏ ਢਾਡੀ ਦਰਬਾਰ ਦੌਰਾਨ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਬੀਰ-ਰਸੀ ਵਾਰਾਂ ਅਤੇ ਗੁਰ-ਇਤਿਹਾਸ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁ: ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 150 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਲੜ ਲੱਗਣ ਦਾ ਸੁਭਾਗ ਹਾਸਿਲ ਕੀਤਾ । ਅੰਮ੍ਰਿਤ ਸੰਚਾਰ ਮੌਕੇ ਹਾਜ਼ਰੀ ਭਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਸਿੰਘ-ਸਿੰਘਣੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਰਨਾਂ ਸੰਗਤਾਂ ਨੂੰ ਵੀ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ। ਸੰਬੋਧਨ ਦੌਰਾਨ ਉਨ੍ਹਾਂ ਆਖਿਆ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਦੇ ਬਹਾਨੇ ਸਰਕਾਰਾਂ ਵਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਪ੍ਰਬੰਧਾਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਅਜਿਹੇ ਕਾਨੂੰਨਾਂ ਦੀ ਆੜ ਹੇਠ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਆਮ ਸੰਗਤ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲੋਂ ਤੋੜਨ ਦੇ ਯਤਨ ਹੋ ਰਹੇ ਹਨ। ਸਿੰਘ ਸਾਹਿਬ ਨੇ ਸਮੂਹ ਪੰਥਕ ਧਿਰਾਂ ਅਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਗੁਰਧਾਮਾਂ ਦੀ ਪ੍ਰਬੰਧਕੀ ਆਜ਼ਾਦੀ ਅਤੇ ਮਰਯਾਦਾ ਦੀ ਰੱਖਿਆ ਲਈ ਸਿਆਸੀ ਵਲਗਣਾਂ ਤੋਂ ਉੱਪਰ ਉੱਠ ਕੇ ਇਸ ਸਰਕਾਰੀ ਦਖ਼ਲਅੰਦਾਜ਼ੀ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇ। ਸਮਾਗਮ ‘’ਚ ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ, ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ, ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ ਅਤੇ ਮਨਦੀਪ ਸਿੰਘ ਮਾਖਾ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।

ਪਿਛਲੀ ਖ਼ਬਰ ਰੇਲਵੇ ਵਿਭਾਗ ਵਲੋਂ 4 ਦਿਨਾਂ ਲਈ ਗੋਨਿਆਣਾ-ਬਰਕੰਦੀ ਸੜਕ ਵਾਲਾ ਰੇਲਵੇ ਫਾਟਕ ਕੀਤਾ ਬੰਦ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਇਤਿਹਾਸਕ ਪਹਿਲ ਕਦਮੀਆਂ ਲੋਕਾਂ ਤੱਕ ਪਹੁੰਚੀਆਂ- ਬਲਕਾਰ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।