ਬਠਿੰਡਾ ਦਿਹਾਤੀ ’ਚ ‘ਹੈਟ੍ਰਿਕ’ ਲਾਉਣ ਦੀ ਤਿਆਰੀ ’ਚ ਆਮ ਆਦਮੀ ਪਾਰਟੀ, ਮਜ਼ਬੂਤ ਉਮੀਦਵਾਰ ਉਤਾਰ ਕੇ ਵਿਰੋਧੀਆਂ ਨੂੰ ਦਿੱਤੀ ਸਖ਼ਤ ਚੁਣੌਤੀ
ਸੰਗਤ ਮੰਡੀ, 14 ਨਵੰਬਰ (ਸੁਖਤੇਜ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ ਆਮ ਆਦਮੀ ਪਾਰਟੀ ਲਗਾਤਾਰ ਤੀਜੀ ਜਿੱਤ ਦਰਜ ਕਰਕੇ ਹੈਟ੍ਰਿਕ ਲਾਉਣ ਦੀ ਤਿਆਰੀ ਵਿਚ ਜੁਟ ਗਈ ਹੈ। ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਬਕਾ ਪੀ ਸੀ ਐਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।
ਸੰਗਤ ਮੰਡੀ, 14 ਨਵੰਬਰ (ਸੁਖਤੇਜ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ ਆਮ ਆਦਮੀ ਪਾਰਟੀ ਲਗਾਤਾਰ ਤੀਜੀ ਜਿੱਤ ਦਰਜ ਕਰਕੇ ਹੈਟ੍ਰਿਕ ਲਾਉਣ ਦੀ ਤਿਆਰੀ ਵਿਚ ਜੁਟ ਗਈ ਹੈ। ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਬਕਾ ਪੀ ਸੀ ਐਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਦੂਜੇ ਪਾਸੇ ਹਲਕੇ ਦੇ ਲੋਕਾਂ ਵਿਚ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਗੋਪਾਲ ਸਿੰਘ ਕੋਟਫੱਤਾ ਵਰਗੇ ਮਜ਼ਬੂਤ ਉਮੀਦਵਾਰ ਦੇ ਮੁਕਾਬਲੇ ਵਿਰੋਧੀ ਪਾਰਟੀਆਂ ਕਿਸ ਆਗੂ ’ਤੇ ਦਾਅ ਖੇਡਣਗੀਆਂ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਦੋਂ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਪੰਜਾਬ ਦੀ ਸਿਆਸਤ ਵਿਚ ਮਜ਼ਬੂਤ ਦਸਤਕ ਦਿੱਤੀ ਸੀ ਤਾਂ ਬਠਿੰਡਾ ਦਿਹਾਤੀ ਦੇ ਲੋਕਾਂ ਨੇ ਵੀ ਪਾਰਟੀ ਦੇ ਹੱਕ ਵਿਚ ਫਤਵਾ ਦਿੰਦਿਆਂ ਪ੍ਰੋਫੈਸਰ ਰੁਪਿੰਦਰ ਕੌਰ ਰੂਬੀ ਨੂੰ ਵੱਡੇ ਬਹੁਮਤ ਨਾਲ ਜਿਤਾ ਕੇ ਵਿਧਾਇਕ ਬਣਾਇਆ ਸੀ। ਭਾਵੇਂ ਉਸ ਸਮੇਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ, ਪਰ ਹਲਕੇ ਦੇ ਲੋਕਾਂ ਦੀਆਂ ਵਿਕਾਸ ਕਾਰਜਾਂ ਸਬੰਧੀ ਉਮੀਦਾਂ ਪੂਰੀਆਂ ਨਾ ਹੋਣ ਕਾਰਨ ਰੁਪਿੰਦਰ ਕੌਰ ਰੂਬੀ ਨੇ ਬਾਅਦ ਵਿਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦਾ ਪੱਲ੍ਹਾ ਫੜ੍ਹ ਲਿਆ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਮੁੜ ਬਠਿੰਡਾ ਦਿਹਾਤੀ ਤੋਂ ਬਾਜ਼ੀ ਮਾਰਨ ਲਈ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਏ ਪੜ੍ਹੇ-ਲਿਖੇ ਇੰਜਨੀਅਰ ਅਮਿਤ ਰਤਨ ਕੋਟਫੱਤਾ ਨੂੰ ਚੋਣ ਮੈਦਾਨ ਵਿਚ ਉਤਾਰਿਆ। ਉਨ੍ਹਾਂ ਨੇ ਵਿਰੋਧੀ ਉਮੀਦਵਾਰਾਂ ਨੂੰ ਵੱਡੇ ਫ਼ਰਕ ਨਾਲ ਹਰਾਉਂਦਿਆਂ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣੀ, ਜਿਸ ਕਾਰਨ ਹਲਕੇ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਵਿਚ ਤੇਜ਼ੀ ਆਉਣ ਦੀਆਂ ਵੱਡੀਆਂ ਉਮੀਦਾਂ ਜਾਗੀਆਂ। ਹੁਣ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਦੂਜੀ ਉਮੀਦਵਾਰ ਸੂਚੀ ਵਿਚ ਗੋਪਾਲ ਸਿੰਘ ਕੋਟਫੱਤਾ ਨੂੰ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਪਾਰਟੀ ਨੇ ਸਮੇਂ ਤੋਂ ਪਹਿਲਾਂ ਹੀ ਆਪਣਾ ਚੋਣ ਪੱਤਾ ਖੋਲ੍ਹਦਿਆਂ ਵਿਰੋਧੀ ਪਾਰਟੀਆਂ ਨੂੰ ਚੁਣੌਤੀ ਦੇ ਦਿੱਤੀ ਹੈ। ਹੁਣ ਸਿਆਸੀ ਹਲਕਿਆਂ ਵਿਚ ਸਭ ਤੋਂ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਲੋਂ ਗੋਪਾਲ ਸਿੰਘ ਕੋਟਫੱਤਾ ਦੇ ਮੁਕਾਬਲੇ ਕਿਹੜੇ ਚਿਹਰੇ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ। ਕੀ ਵਿਰੋਧੀ ਪਾਰਟੀਆਂ ਕੋਈ ਨਵਾਂ ਚਿਹਰਾ ਸਾਹਮਣੇ ਲਿਆਉਣਗੀਆਂ ਜਾਂ ਆਪਣੇ ਪੁਰਾਣੇ ਸਿਆਸੀ ਆਗੂਆਂ ’ਤੇ ਹੀ ਭਰੋਸਾ ਜਤਾਉਣਗੀਆਂ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ। ਫ਼ਿਲਹਾਲ ਬਠਿੰਡਾ ਦਿਹਾਤੀ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਜੋੜ-ਤੋੜ ਅਤੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ।