ਇੱਟਾਂ ਦੇ ਭੱਠਿਆਂ ਵਿਚ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੀ ਵਰਤੋਂ ਲਾਜ਼ਮੀ - ਡਿਪਟੀ ਕਮਿਸ਼ਨਰ
ਬਠਿੰਡਾ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਟਾਂ ਦੇ ਭੱਠਿਆਂ ਵਿਚ ਇੱਟਾਂ ਬਣਾਉਣ ਲਈ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਵਰਤੋਂ ਕਰਨੀ ਲਾਜ਼ਮੀ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਇੱਟਾਂ ਦੇ ਭੱਠਿਆਂ ਵਾਸਤੇ ਸਬੰਧਿਤ ਗਿੱਟੀਆਂ ਬਣਾਉਣ ਵਾਲੀਆਂ ਫ਼ੈਕਟਰੀਆਂ ਤੋਂ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਜ਼ਰੂਰੀ ਹੈ।
ਬਠਿੰਡਾ, 23 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਟਾਂ ਦੇ ਭੱਠਿਆਂ ਵਿਚ ਇੱਟਾਂ ਬਣਾਉਣ ਲਈ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਵਰਤੋਂ ਕਰਨੀ ਲਾਜ਼ਮੀ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਇੱਟਾਂ ਦੇ ਭੱਠਿਆਂ ਵਾਸਤੇ ਸਬੰਧਿਤ ਗਿੱਟੀਆਂ ਬਣਾਉਣ ਵਾਲੀਆਂ ਫ਼ੈਕਟਰੀਆਂ ਤੋਂ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਇੱਥੇ ਜ਼ਿਲ੍ਹੇ ਦੇ ਇੱਟਾਂ ਦੇ ਭੱਠਿਆਂ ਦੇ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 143 ਇੱਟਾਂ ਦੇ ਭੱਠੇ ਚਾਲੂ ਹਨ, ਜਿਨ੍ਹਾਂ ਵਲੋਂ ਇਸ ਸੀਜ਼ਨ ਦੌਰਾਨ ਲਗਭਗ 20,000 ਟਨ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੇ ਰੂਪ ਵਿਚ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਟਾਂ ਦੇ ਨਿਰਮਾਣ ਲਈ ਗਿੱਟੀਆਂ ਦੀ ਵਰਤੋਂ ਕੋਲੇ ਦੇ ਨਾਲ ਬਾਲਣ ਵਜੋਂ ਕੀਤੀ ਜਾਂਦੀ ਹੈ। ਇਸ ਨਾਲ ਨਾ ਸਿਰਫ਼ ਖੇਤਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਵਿਚ ਮਦਦ ਮਿਲਦੀ ਹੈ, ਸਗੋਂ ਇਸ ਦੀ ਸੁਚੱਜੀ ਵਰਤੋਂ ਵੀ ਯਕੀਨੀ ਬਣਦੀ ਹੈ। ਇਸ ਦੇ ਨਾਲ ਹੀ ਗਿੱਟੀਆਂ ਨੂੰ ਬਾਲਣ ਵਜੋਂ ਵਰਤਣਾ ਕੋਲੇ ਨੂੰ ਸਾੜਨ ਦੇ ਮੁਕਾਬਲੇ ਵਾਤਾਵਰਣ ਪੱਖੋਂ ਵਧੇਰੇ ਅਨੁਕੂਲ ਮੰਨਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਟਾਂ ਦੇ ਭੱਠਿਆਂ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਦੌਰਾਨ ਲਗਭਗ 20,000 ਟਨ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਖਪਤ ਹੋਵੇਗੀ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਉਹ ਆਪਣੇ ਨੇੜਲੇ ਪੈਲਟ ਬਣਾਉਣ ਵਾਲੇ ਯੂਨਿਟਾਂ ਨਾਲ ਸਮਝੌਤਾ ਪੱਤਰ (ਐਮ.ਓ.ਯੂ.) ਸਹੀਬੱਧ ਕਰਨ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰੂਬੀ ਸਿੱਧੂ, ਡੀ.ਐਫ.ਐਸ.ਸੀ. ਗੁਰਤਾਰ ਸਿੰਘ, ਡੀ.ਐਫ.ਐਸ.ਓ. ਹਰਸ਼ਿਤ ਮਹਿਤਾ, ਇੱਟਾਂ ਦੇ ਭੱਠਿਆਂ ਦੇ ਮਾਲਕ ਅਤੇ ਹੋਰ ਹਾਜ਼ਰ ਸਨ।