ਸਮਰਾਲਾ, 25 ਮਾਰਚ (ਗੋਪਾਲ ਸੋਫਤ)-ਸਥਾਨ ਹਲਕੇ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਅੰਮਿ੍ਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਖ਼ੁਦਕੁਸ਼ੀ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦੇਣ ਲਈ ਇੱਕ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿਚ ਕਾਂਗਰਸ ਪਾਰਟੀ ਦੇ ਸਥਾਨਕ ਸੀਨੀਅਰ ਆਗੂਆਂ ਸਮੇਤ ਇਨਸਾਫ਼ਪਸੰਦ ਜਥੇਬੰਦੀਆਂ ਦੇ ਵਰਕਰ ਵੀ ਸ਼ਾਮਲ ਹੋਏ | ਇਹ ਮਾਰਚ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨੇੜਿਉਂ ਸ਼ੁਰੂ ਹੋ ਕੇ ਮੁੱਖ ਬਾਜ਼ਾਰ ਵਿਚ ਹੁੰਦਾ ਹੋਇਆ ਸਥਾਨਕ ਮੁੱਖ ਚੌਂਕ ਵਿਚ ਸਮਾਪਤ ਹੋਇਆ | ਇਸ ਮੌਕੇ 'ਤੇ ਮਾਰਚ ਦੇ ਵਿਚ ਸ਼ਾਮਿਲ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਸ ਮਾਮਲੇ ਵਿਚ ਸਿਰਫ਼ ਮੰਤਰੀ ਦਾ ਅਸਤੀਫ਼ਾ ਹੀ ਕਾਫੀ ਨਹੀਂ ਹੈ, ਬਲਕਿ ਕਾਂਗਰਸ ਪਾਰਟੀ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਪੰਜਾਬ ਦੀ ਅਫ਼ਸਰਸ਼ਾਹੀ ਅਤੇ ਮੁਲਾਜ਼ਮ ਵਰਗ ਵਿਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਇਸ ਰੋਸ ਕੈਂਡਲ ਮਾਰਚ ਵਿਚ ਸ਼ਾਮਿਲ ਹੋਏ ਪਤਵੰਤਿਆਂ ਦੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਵਲੋਂ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ | ਇਸ ਰੋਸ ਕੈਂਡਲ ਮਾਰਚ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਤਿੰਦਰ ਸਿੰਘ ਜੋਗਾ ਸਰਪੰਚ ਬਲਾਲਾ, ਸੀਨੀਅਰ ਕਾਂਗਰਸੀ ਆਗੂ ਕਸਤੂਰੀ ਲਾਲ ਮਿੰਟੂ, ਬਲਾਕ ਪ੍ਰਧਾਨ ਤਿਵਾੜੀ, ਤਰਸੇਮ ਸ਼ਰਮਾ, ਸਾਹਿਲ ਭਾਰਤੀ ਅਤੇ ਸਾਬਕਾ ਸਰਪੰਚ ਅਤੇ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ |