18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਖੰਨਾ ’ਚ ਦਰਦਨਾਕ ਸੜਕ ਹਾਦਸਾ: ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ, ਇੱਕ ਬੱਚਾ ਗੰਭੀਰ ਜ਼ਖ਼ਮੀ

ਅਜੀਤ ਡੈਸਕ 05-07-2026

ਖੰਨਾ, 4 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਜੀ. ਟੀ. ਰੋਡ ਅੱਜ ਤੜਕੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਤੋਂ ਮਾਤਾ ਸ਼੍ਰੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਇੱਕ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਸੀ. ਸੀ. ਟੀ. ਵੀ ਫੁਟੇਜ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਾਜ਼ੀਆਬਾਦ ਜ਼ਿਲ੍ਹੇ ਦੇ ਮੁਰਾਦਨਗਰ ਦਾ ਰਹਿਣ ਵਾਲਾ ਇਹ ਪਰਿਵਾਰ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। ਜਦੋਂ ਉਹ ਖੰਨਾ ਦੇ ਜੀ. ਟੀ. ਰੋਡ ’ਤੇ ਪਹੁੰਚੇ ਤਾਂ ਇੱਕ ਗੱਡੀ ਦਾ ਟਾਇਰ ਪੰਚਰ ਹੋ ਗਿਆ। ਇਸ ਤੋਂ ਬਾਅਦ ਤੜਕੇ ਕਰੀਬ 32 ਸਾਲਾ ਅਮਰਦੀਪ ਵਰਮਾ ਅਤੇ ਉਸ ਦਾ 25 ਸਾਲਾ ਦੋਸਤ ਵਿੱਕੀ ਸੜਕ ਕਿਨਾਰੇ ਖੜ੍ਹ ਕੇ ਟਾਇਰ ਬਦਲ ਰਹੇ ਸਨ। ਉਨ੍ਹਾਂ ਦੇ ਨਾਲ ਇੱਕ ਬੱਚਾ ਵੀ ਮੌਜੂਦ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਤਿੰਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਅਮਰਦੀਪ ਵਰਮਾ ਅਤੇ ਵਿੱਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (ਐਸ. ਐਸ. ਐਫ.) ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਟੀਮ ਨੇ ਜ਼ਖ਼ਮੀ ਬੱਚੇ ਨੂੰ ਖੰਨਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਐਸ. ਐਸ. ਐਫ. ਨੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਜੀ ਟੀ ਰੋਡ ’ਤੇ ਟਰੈਫ਼ਿਕ ਨੂੰ ਮੁੜ ਸੁਚਾਰੂ ਢੰਗ ਨਾਲ ਚਲਾਇਆ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਟਰੱਕ ਚਾਲਕ ਦੀ ਭਾਲ ਜਾਰੀ ਹੈ। ਇਸ ਮੌਕੇ ਐਸ. ਆਈ. ਸੁਖਦੇਵ ਸਿੰਘ, ਵਿਸ਼ਾਲ, ਹਰਸਿਮਰਨਜੀਤ ਸਿੰਘ ਆਦਿ ਪੁਲਿਸ ਕਰਮਚਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦਾ ਡੇਹਲੋਂ ਪੁੱਜਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਹਲਕਾ ਜੰਡਿਆਲਾ ’ਚ ਆਪ ਦੇ ਬਲਾਕ ਪ੍ਰਧਾਨ ਇਸਤਰੀ ਵਿੰਗ ਸਮੇਤ ਦਰਜਨਾਂ ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।