ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)- ਏ. ਐਸ. ਗਰੁੱਪ ਆਫ ਇੰਸਟੀਚਿਊਸ਼ਨਜ਼ ਵਿੱਚ ਐਮ. ਬੀ. ਏ., ਬੀ. ਬੀ. ਏ. ਅਤੇ ਬੀ. ਕਾਮ. (ਆਨਰਜ਼) ਦੇ ਵਿਦਿਆਰਥੀਆਂ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ-2026 ਦਾ ਸ਼ੁਭ ਆਰੰਭ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜੋਤ ਜਗਾ ਕੇ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਕ ਸੋਚ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਮਾਹੌਲ ਵਿੱਚ ਆਤਮ-ਵਿਸ਼ਵਾਸ ਨਾਲ ਅੱਗੇ ਵਧਣ, ਨਵੀਆਂ ਚੁਣੌਤੀਆਂ ਨੂੰ ਸਵੀਕਾਰ ਕਰਨ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਫੈਸਰ ਹਰਨੀਤ, (ਐਚ. ਓ. ਡੀ, ਐਮ. ਬੀ. ਏ. ਵਿਭਾਗ) ਨੇ ਵਿਦਿਆਰਥੀਆਂ ਨੂੰ ਸੰਸਥਾ ਦੇ ਵੱਖ-ਵੱਖ ਵਿਭਾਗਾਂ, ਉਪਲਬਧ ਸਹੂਲਤਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਸ਼ੀਨਮ ਗਰਗ ਨੇ ਪੂਰੇ ਇੰਡਕਸ਼ਨ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਪ੍ਰੋਫੈਸਰ ਕੋਮਲ ਜੋਸ਼ੀ (ਐਚ. ਓ. ਡੀ, ਬੀ. ਕਾਮ. ਆਨਰਜ਼ ਵਿਭਾਗ) ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਸੰਬੰਧੀ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਅੰਤ ਵਿੱਚ ਪ੍ਰੋਫੈਸਰ ਅੰਜਲੀ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।