ਤਪਾ ਮੰਡੀ, 20 ਜਨਵਰੀ (ਵਿਜੇ ਸ਼ਰਮਾ)-ਹਲਕਾ ਭਦੌੜ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਜੈਮਲ ਸਿੰਘ ਵਾਲਾ ਤੋਂ ਸਰਪੰਚ ਗਗਨਦੀਪ ਕੌਰ ਸਮੇਤ ਸਮੁੱਚੀ ਪੰਚਾਇਤ ਅਤੇ ਨਗਰ ਨਿਵਾਸੀ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋਏ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸ਼ਾਮਿਲ ਵਿਅਕਤੀਆਂ ਨੂੰ ਪਾਰਟੀ ਦਾ ਪਟਕਾ ਦੇ ਕੇ ਸਨਮਾਨਿਤ ਕੀਤਾ ਗਿਆ | ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੱਡੀ ਸੋਚ ਅਤੇ ਉਨ੍ਹਾਂ ਦੇ ਕੰਮਾਂ ਨੂੰ ਵੇਖਦਿਆਂ ਹੋਇਆ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਤੇ ਆਗੂ ਆਮ ਆਦਮੀ ਪਾਰਟੀ ਵਿਚ ਧੜਾ ਧੜ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਲੋਂ ਜੋ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਜਿਨ੍ਹਾਂ ਦੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋ ਰਹੇ ਵਿਅਕਤੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਸਮੁੱਚੀ ਪੰਚਾਇਤ ਅਤੇ ਨਗਰ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਹਿਲਾਂ ਦੀ ਤਰ੍ਹਾਂ ਪਿੰਡ ਵਿਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਦੇ ਸਰਪੰਚ ਗਗਨਦੀਪ ਕੌਰ, ਪੀ.ਏ. ਹੈਰੀ ਧਾਲੀਵਾਲ ਅਤੇ ਪਿੰਡ ਦੇ ਲੋਕ ਹਾਜਰ ਸਨ |