18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰਕਾਰ ਦੇ ਹੁਕਮਾਂ ਦੇ ਬਾਵਜੂਦ ਵੱਡੀ ਗਿਣਤੀ ਵਿਚ ਨਿੱਜੀ ਅਦਾਰਿਆਂ ਦੇ ਸਾਈਨ ਬੋਰਡ ਲਿਖੇ ਹੋਏ ਹਨ ਅੰਗਰੇਜ਼ੀ 'ਚ <br/>

ਅਜੀਤ ਡੈਸਕ 21-02-2026
ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਅੱਜ ਵਿਸ਼ਵ ਪੱਧਰ 'ਤੇ ਮਾਂ-ਬੋਲੀ ਦਿਵਸ ਮਨਾਇਆ ਜਾ ਰਿਹਾ ਹੈ ਤਾਂ ਜੋ ਮਾਂ-ਬੋਲੀ ਦਾ ਮਾਣ-ਸਤਿਕਾਰ ਕਾਇਮ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਮਾਂ-ਬੋਲੀ ਦੀ ਮਹੱਤਤਾ ਤੇ ਇਤਿਹਾਸ ਬਾਰੇ ਜਾਗਰੂਕ ਕੀਤਾ ਜਾ ਸਕੇ | ਬੇਸ਼ੱਕ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੰਜਾਬੀ ਮਾਂ ਬੋਲੀ ਦਾ ਮਾਣ-ਸਤਿਕਾਰ ਬਹਾਲ ਕਰਨ ਲਈ ਹਰ ਦਫ਼ਤਰ, ਵਿੱਦਿਅਕ ਅਤੇ ਨਿੱਜੀ ਅਦਾਰਿਆਂ ਵਿਚ ਨਾ ਕੇਵਲ ਸਾਰਾ ਕੰਮ ਪੰਜਾਬੀ ਵਿਚ ਕਰਨ ਬਲਕਿ ਨਾਮ ਪੱਟੀਆਂ/ਸਾਈਨ ਬੋਰਡ ਵੀ ਪੰਜਾਬੀ ਭਾਸ਼ਾ ਵਿਚ ਲਿਖਣ ਸਬੰਧੀ ਹੁਕਮ ਜਾਰੀ ਕੀਤੇ ਹੋਏ ਹਨ | ਲੇਕਿਨ ਸਰਕਾਰ ਦੇ ਇਹ ਹੁਕਮ ਉਨ੍ਹਾਂ ਚਿਰ ਤੱਕ ਸਹੀ ਢੰਗ ਨਾਲ ਲਾਗੂ ਨਹੀਂ ਹੋ ਸਕਦੇ ਜਿਨ੍ਹਾਂ ਚਿਰ ਪੰਜਾਬੀ ਮਾਂ-ਬੋਲੀ ਨੂੰ ਵਿਕਸਤ ਕਰਨ ਲਈ ਸਰਕਾਰ ਵਲੋਂ ਬਣਾਏ ਗਏ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਦੀ ਧਾਰਾ 8-ਸੀ ਤਹਿਤ ਐਕਟ ਦੀਆਂ ਧਾਰਾਵਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪੱਧਰੀ ਭਾਸ਼ਾ ਕਮੇਟੀਆਂ ਗਠਨ ਨਹੀਂ ਕੀਤੀਆਂ ਜਾਂਦੀਆਂ ਕਿਉਂਕਿ ਦੇਖਣ ਵਿਚ ਆ ਰਿਹਾ ਹੈ ਕਿ ਬਹੁਤ ਸਾਰੇ ਨਿੱਜੀ ਅਦਾਰਿਆਂ ਵਲੋਂ ਅਜੇ ਵੀ ਸਾਈਨ ਬੋਰਡ ਪੰਜਾਬੀ ਦੀ ਥਾਂ ਅੰਗਰੇਜ਼ੀ ਵਿਚ ਹੀ ਲਿਖੇ ਹੋਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਐਕਟ ਅਨੁਸਾਰ ਭਾਵੇਂਕਿ ਸਾਲ 2009 ਅਤੇ 2010 ਵਿਚ ਜ਼ਿਲ੍ਹਾ ਭਾਸ਼ਾ ਕਮੇਟੀਆਂ ਗਠਿਤ ਕੀਤੀਆਂ ਗਈਆਂ ਸਨ ਪਰ ਉਸ ਤੋਂ ਬਾਅਦ ਆਈ ਕਿਸੇ ਵੀ ਸਰਕਾਰ ਨੇ ਇਹ ਕਮੇਟੀਆਂ ਬਣਾਉਣ ਵੱਲ ਧਿਆਨ ਨਹੀਂ ਦਿੱਤਾ | ਦੱਸਣਯੋਗ ਹੈ ਕਿ ਐਕਟ ਦੀਆਂ ਧਾਰਾਵਾਂ ਦੀ ਸਮੀਖਿਆ ਅਤੇ ਅਮਲ ਨੂੰ ਯਕੀਨੀ ਬਣਾਉਣ ਲਈ ਇੱਕ ਰਾਜ ਪੱਧਰੀ ਕਮੇਟੀ ਗਠਿਤ ਕਰਨ ਦੀ ਤਜਵੀਜ਼ ਹੈ, ਜਿਸ ਦੇ ਚੇਅਰਮੈਨ ਸਿੱਖਿਆ ਮੰਤਰੀ ਪੰਜਾਬ ਅਤੇ ਕਨਵੀਨਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਵਿਚ ਮੀਡੀਆ ਸਲਾਹਕਾਰ/ਮੁੱਖ ਮੰਤਰੀ ਜਾਂ ਮੁੱਖ ਮੰਤਰੀ ਵਲੋਂ ਨਾਮਜ਼ਦ ਨੁਮਾਇੰਦਾ, ਐਡਵੋਕੇਟ ਜਨਰਲ ਪੰਜਾਬ ਜਾਂ ਉਨ੍ਹਾਂ ਦਾ ਨੁਮਾਇੰਦਾ, ਸਕੱਤਰ ਸਕੂਲ ਸਿੱਖਿਆ, ਸਕੱਤਰ ਉਚੇਰੀ ਸਿੱਖਿਆ, ਕਾਨੂੰਨੀ ਮਸ਼ੀਰ ਤੇ ਸਕੱਤਰ ਪੰਜਾਬ ਸਰਕਾਰ, ਰਾਜ ਸਰਕਾਰ ਵਲੋਂ ਨਾਮਜ਼ਦ ਸਾਹਿੱਤ ਸਭਾਵਾਂ ਦੇ ਦੋ ਨੁਮਾਇੰਦੇ, ਰਾਜ ਸਰਕਾਰ ਵਲੋਂ ਨਾਮਜ਼ਦ ਪੰਜਾਬੀ ਪੈੱ੍ਰਸ ਨਾਲ ਜੁੜੇ ਤਿੰਨ ਉੱਘੇ ਪ੍ਰਤੀਨਿਧ ਅਤੇ ਰਾਜ ਸਰਕਾਰ ਵਲੋਂ ਨਾਮਜ਼ਦ ਚਾਰ ਜਨਤਕ ਨੁਮਾਇੰਦੇ ਸ਼ਾਮਲ ਹੋਣਗੇ | ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਅਧਿਕਾਰਤ ਕਮੇਟੀ ਵਿਚ ਚੇਅਰਮੈਨ ਮੁੱਖ ਮੰਤਰੀ ਵਲੋਂ ਨਾਮਜ਼ਦ ਜ਼ਿਲ੍ਹੇ ਦਾ ਮੰਤਰੀ ਜਾਂ ਵਿਧਾਇਕ, ਵਾਈਸ ਚੇਅਰਮੈਨ ਡਿਪਟੀ ਕਮਿਸ਼ਨਰ ਤੇ ਕਨਵੀਨਰ ਜ਼ਿਲ੍ਹਾ ਭਾਸ਼ਾ ਅਫ਼ਸਰ ਤੋਂ ਇਲਾਵਾ ਮੈਂਬਰਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜ ਸਰਕਾਰ ਵਲੋਂ ਨਾਮਜ਼ਦ ਜ਼ਿਲ੍ਹੇ ਵਿਚੋਂ ਪੰਜਾਬੀ ਸਾਹਿਤਕਾਰਾਂ ਦੇ ਦੋ ਨੁਮਾਇੰਦੇ, ਰਾਜ ਸਰਕਾਰ ਵਲੋਂ ਨਾਮਜ਼ਦ ਪੰਜਾਬੀ ਪੈੱ੍ਰਸ ਦੇ ਤਿੰਨ ਨੁਮਾਇੰਦੇ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰਾਜ ਸਰਕਾਰ ਵਲੋਂ ਨਾਮਜ਼ਦ ਦੋ ਜਨਤਕ ਨੁਮਾਇੰਦੇ ਅਤੇ ਜ਼ਿਲ੍ਹਾ ਅਟਾਰਨੀ ਮੈਂਬਰ ਵਲੋਂ ਸ਼ਾਮਲ ਹੋਣਗੇ | ਐਕਟ ਅਨੁਸਾਰ ਜ਼ਿਲ੍ਹਾ ਭਾਸ਼ਾ ਕਮੇਟੀ ਦੀ ਹਰ ਦੋ ਮਹੀਨਿਆਂ ਵਿਚ ਘੱਟੋ-ਘੱਟ ਇੱਕ ਮੀਟਿੰਗ ਹੋਣੀ ਜ਼ਰੂਰੀ ਹੈ |
ਮਾਲਵਾ ਸਾਹਿਤ ਸਭਾ ਬਰਨਾਲਾ ਦੇ ਮੀਤ ਪ੍ਰਧਾਨ ਡਾ. ਅਮਨਦੀਪ ਸਿੰਘ ਟੱਲੇਵਾਲੀਆ ਅਤੇ ਲੋਕ ਰੰਗ ਸਾਹਿਤ ਸਭਾ ਬਰਨਾਲਾ ਦੇ ਪ੍ਰਧਾਨ ਭੋਲਾ ਸਿੰਘ ਸੰਘੇੜਾ ਦਾ ਕਹਿਣਾ ਹੈ ਕਿ ਸਮੇਂ-ਸਮੇਂ ਆਈਆਂ ਸਰਕਾਰਾਂ ਨੇ ਪੰਜਾਬੀ ਮਾਂ-ਬੋਲੀ ਨੂੰ ਅੱਖੋਂ ਪਰੋਖੇ ਹੀ ਕੀਤਾ ਹੈ ਅਤੇ ਕਦੇ ਵੀ ਗੰਭੀਰਤਾ ਨਾਲ ਕਦਮ ਨਹੀਂ ਚੁੱਕਿਆ | ਇਸ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੇ ਸਤਿਕਾਰ ਲਈ ਕੁੱਝ ਕਦਮ ਜ਼ਰੂਰ ਚੁੱਕੇ ਜਾ ਰਹੇ ਹਨ ਅਤੇ ਸਮੇਂ-ਸਮੇਂ ਉਪਰ ਵਿਭਾਗਾਂ ਨੂੰ ਪੱਤਰ ਜਾਰੀ ਕਰ ਕੇ ਪੰਜਾਬ ਵਿਚ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਪਰ ਇਨ੍ਹਾਂ ਉੱਪਰ ਅਮਲ ਸਹੀ ਢੰਗ ਨਾਲ ਉਸ ਸਮੇਂ ਹੀ ਹੋ ਸਕੇਗਾ ਜਦੋਂ ਸਰਕਾਰ ਰਾਜ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਰਾਜ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕਰੇਗੀ |

ਪਿਛਲੀ ਖ਼ਬਰ ਫ਼ਿਰੋਜ਼ਪੁਰ ਕੈਂਟ-ਦਿੱਲੀ ਜੰਕਸ਼ਨ ਵੰਦੇ ਭਾਰਤ ਐਕਸਪੈੱ੍ਰਸ ਟ੍ਰੇਨ ਦਾ ਬਰਨਾਲਾ ਵਿਚ ਸਟਾਪੇਜ ਹੋਇਆ ਸ਼ੁਰੂ <br/> ਅਗਲੀ ਖ਼ਬਰ ਚੋਰੀ ਕੀਤੇ ਚੌਲਾਂ ਦੇ ਗੱਟਿਆਂ ਸਣੇ ਨਾਬਾਲਗ ਸਮੇਤ ਚਾਰ ਪ੍ਰਵਾਸੀ ਕਾਬੂ, ਇੱਕ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।