ਮਹਿਲ ਕਲਾਂ, 26 ਮਾਰਚ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਅੰਦਰ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਕੁਰੜ ਮਾਈਨਰ ਰਜਵਾਹੇ ਦਾ ਉਦਘਾਟਨ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਵਲੋਂ ਕਰੀਬ 34 ਕਰੋੜ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਰਜਵਾਹਾ ਇਲਾਕੇ ਲਈ ਇਕ ਮਹੱਤਵਪੂਰਨ ਪ੍ਰੋਜੈਕਟ ਵਜੋਂ ਦੇਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਰੀਬ 60 ਕਿੱਲੋਮੀਟਰ ਲੰਬਾ ਇਹ ਰਜਵਾਹਾ 38 ਪਿੰਡਾਂ ਦੇ ਖੇਤਾਂ ਨੂੰ ਸਿੰਚਾਈ ਦੀ ਸੁਵਿਧਾ ਪ੍ਰਦਾਨ ਕਰੇਗਾ | ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਸੂਬੇ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਭਗਵੰਤ ਮਾਨ ਸਰਕਾਰ ਦਾ ਮੁੱਖ ਟੀਚਾ ਹੈ | ਇਸ ਸਬੰਧੀ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਪਿੰਡ ਵਜੀਦਕੇ ਕਲਾਂ ਵਿਖੇ ਰਜਵਾਹੇ ਨੂੰ ਪੱਕਾ ਕਰਨ ਦੇ ਕਾਰਜ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਨਾਲ ਪਾਣੀ ਦੀ ਬੱਚਤ ਅਤੇ ਸਹੀ ਵੰਡ ਨੂੰ ਯਕੀਨੀ ਬਣਾਇਆ ਜਾਵੇਗਾ | ਇਹ ਪ੍ਰੋਜੈਕਟ ਨਾ ਸਿਰਫ਼ ਖੇਤੀਬਾੜੀ ਨੂੰ ਮਜ਼ਬੂਤੀ ਦੇਵੇਗਾ, ਸਗੋਂ ਇਲਾਕੇ ਦੀ ਆਰਥਿਕਤਾ ਨੂੰ ਵੀ ਨਵੀਂ ਦਿਸ਼ਾ ਦੇਵੇਗਾ | ਸਥਾਨਕ ਕਿਸਾਨਾਂ ਨੇ ਇਸ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਇਸ ਤਰ੍ਹਾਂ ਦੀ ਯੋਜਨਾ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ | ਹੁਣ ਇਸ ਦੇ ਪੂਰਾ ਹੋਣ ਨਾਲ ਸਿੰਚਾਈ ਸੰਬੰਧੀ ਸਮੱਸਿਆਵਾਂ ਵਿਚ ਕਾਫ਼ੀ ਹੱਦ ਤੱਕ ਸੁਧਾਰ ਆਵੇਗਾ | ਇਸ ਮੌਕੇ ਲੇਬਰ ਇੰਸਪੈਕਟਰ ਸੰਦੀਪ ਕੌਰ ਵਜੀਦਕੇ, ਬਲਾਕ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਸੁਖਵਿੰਦਰ ਕੌਰ, ਰਾਮ ਸਿੰਘ ਵਜੀਦਕੇ, ਪੰਚ ਜਗਰਾਜ ਸਿੰਘ, ਪੰਚ ਮਨਦੀਪ ਸਿੰਘ ਗੋਲੀ, ਪੰਚ ਗੁਰਸੇਵਕ ਸਿੰਘ, ਬਲਵਿੰਦਰ ਸਿੰਘ ਵਜੀਦਕੇ ਆਦਿ ਆਗੂ ਹਾਜ਼ਰ ਸਨ |