ਰੂੜੇਕੇ ਕਲਾਂ, 26 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਪਿੰਡ ਧੌਲਾ ਵਿਖੇ ਕਾਂਗਰਸ ਪਾਰਟੀ ਦੇ ਵਰਕਰ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਵਰਗਾਂ ਨਾਲ ਝੂਠੇ ਵਾਅਦੇ ਕਰ ਕੇ ਪੰਜਾਬ ਸਰਕਾਰ ਬਣਾਈ ਸੀ | ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ | ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਮਜ਼ਦੂਰਾਂ, ਕਿਸਾਨਾਂ, ਬੇਰੁਜ਼ਗਾਰਾਂ, ਮੁਲਾਜ਼ਮਾਂ ਦੀ ਆਵਾਜ਼ ਨੂੰ ਪੁਲਿਸ ਵਲੋਂ ਲਾਠੀਚਾਰਜ ਕਰ ਕੇ ਦਬਾਉਣ ਦੀ ਅਸਫਲ ਕੋਸ਼ਿਸ਼ ਕੀਤੀ ਜਾ ਰਹੀ ਹੈ | ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ | ਦਿਨ ਦਿਹਾੜੇ ਲੁੱਟਾਂ, ਖੋਹਾਂ, ਕਾਤਲ ਹੋ ਰਹੇ ਹਨ | ਪੰਜਾਬ ਵਿਚ ਗੈਂਗਸਟਰਾਂ ਦੀ ਦਹਿਸ਼ਤ ਹੈ | ਪੰਜਾਬ ਪੁਲਿਸ ਵਲੋਂ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਹੁਕਮਾਂ ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ | ਕਿਸੇ ਵੀ ਵਰਗ ਨੂੰ ਇਨਸਾਫ਼ ਨਹੀਂ ਮਿਲ ਰਿਹਾ ਹੈ | ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਮੰੂਹ ਤੋੜ ਜਵਾਬ ਦੇਣਗੇ | ਇਸ ਮੌਕੇ ਕਾਂਗਰਸ ਪਾਰਟੀ ਦੇ ਵਰਕਰ ਅਹੁਦੇਦਾਰ ਹਾਜ਼ਰ ਸਨ |