ਸ਼ਹਿਣਾ, 30 ਮਾਰਚ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਪਿੰਡ ਦੇ ਇਕ ਪਰਿਵਾਰ ਦੇ ਘਰ ਦੀ ਕੁਰਕੀ ਵਿਰੋਧ ਉਪਰੰਤ ਰੁਕਵਾ ਦਿੱਤੀ ਗਈ | ਜ਼ਿਕਰਯੋਗ ਹੈ ਕਿ ਪਿੰਡ ਉਗੋਕੇ ਦੀ ਸਾਬਕਾ ਸਰਪੰਚ ਸੁਰਜੀਤ ਕੌਰ ਦੇ ਘਰ ਦੀ ਕੁਰਕੀ ਕਰਨ ਲਈ ਪ੍ਰਸ਼ਾਸਨ ਨੇ ਪਹੁੰਚਣਾ ਸੀ ਜਿਸ ਦੀ ਭਿਣਕ ਕਿਸਾਨ, ਮਜ਼ਦੂਰ ਜਥੇਬੰਦੀਆਂ ਨੂੰ ਪਹੁੰਚੀ ਤਾਂ ਉਨ੍ਹਾਂ ਨੇ ਪੀੜਤ ਦੇ ਘਰ ਅੱਗੇ ਧਰਨਾ ਲਗਾ ਕੇ ਸਰਕਾਰਾਂ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਨਾ ਆਰੰਭ ਕਰ ਦਿੱਤਾ | ਧਰਨੇ ਦੌਰਾਨ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਮੱਖਣ ਸਿੰਘ ਰਾਮਗੜ੍ਹ, ਸ਼ਿੰਗਾਰਾ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਸਰਪੰਚ ਸੁਰਜੀਤ ਕੌਰ ਤੇ ਉਸ ਦੇ ਪੁੱਤਰ ਪ੍ਰਗਟ ਸਿੰਘ ਨਾਲ ਕਿਸੇ ਵੀ ਕੀਮਤ 'ਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੇ 2016 ਵਿਚ ਇਹ ਜਗ੍ਹਾ ਖ਼ਰੀਦੀ ਸੀ | ਇਨ੍ਹਾਂ ਨੂੰ ਚੱਲ ਰਹੇ ਕੋਰਟ ਕੇਸ ਸਬੰਧੀ ਕੋਈ ਜਾਣਕਾਰੀ ਨਹੀਂ ਸੀ | ਜਥੇਬੰਦੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਬੇਘਰ ਨਹੀਂ ਹੋਣ ਦੇਵਾਂਗੇ | ਦੋਨੇਂ ਹੀ ਧਿਰਾਂ ਦਾ ਸਮਝੌਤਾ ਕਰਵਾਉਣ ਲਈ ਵੀ ਕੋਸ਼ਿਸ਼ ਕਰਾਂਗੇ | ਖ਼ਬਰ ਲਿਖੇ ਜਾਣ ਤੱਕ ਕਬਜ਼ਾ ਵਰੰਟ ਵਾਲੀ ਥਾਂ 'ਤੇ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ ਸੀ | ਇਸ ਮੌਕੇ ਗੁਰਚਰਨ ਸਿੰਘ ਭਦੌੜ, ਦਰਸ਼ਨ ਸਿੰਘ ਚੀਮਾ, ਜਰਨੈਲ ਸਿੰਘ ਢਿਲਵਾਂ, ਹਰੀ ਸਿੰਘ ਭਗਤਪੁਰਾ ਤੋਂ ਇਲਾਵਾ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ |