ਬਰਨਾਲਾ, 30 ਮਾਰਚ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਮਾਨਸਾ ਜ਼ਿਲ੍ਹੇ ਦੇ ਕਿਸਾਨ ਆਗੂ ਸ਼ਾਮ ਲਾਲ ਠੂਠਿਆਂਵਾਲੀ ਦੀ ਸੜਕ ਦੁਰਘਟਨਾ ਵਿਚ ਹੋਈ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪੰਜਾਬ ਦੇ ਪਾਣੀਆਂ ਦਾ ਮਸਲਾ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਅਤੇ ਸਾਰੀਆਂ ਫ਼ਸਲਾਂ ਦੀ ਐੱਮ.ਐੱਸ.ਪੀ ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਅਤੇ ਨਿੱਜੀਕਰਨ ਦੀਆਂ ਹੋਰ ਨੀਤੀਆਂ ਦੇ ਖ਼ਿਲਾਫ਼ 6 ਅਪ੍ਰੈਲ ਨੂੰ ਸਮੁੱਚੇ ਪੰਜਾਬ ਦੇ ਡੀ.ਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ | ਜਥੇਬੰਦੀ ਦੇ ਆਗੂ ਅਤੇ ਵਰਕਰ ਇਨ੍ਹਾਂ ਧਰਨਿਆਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ | ਜਥੇਬੰਦੀ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਅਨੁਸਾਰ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਮਗਨਰੇਗਾ ਕਾਨੂੰਨ ਰੱਦ ਕਰਨ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਮੀਟਿੰਗ ਵਿਚ ਅਮਰੀਕਾ ਵਲੋਂ ਇਰਾਨ 'ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਵਿਖੇ ਦੋ ਕਿਸਾਨ ਭਰਾਵਾਂ ਵਲੋਂ ਕੀਤੀ ਖ਼ੁਦਕੁਸ਼ੀ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਸਰਕਾਰੀ ਨੀਤੀਆਂ ਰਾਹੀਂ ਕੀਤਾ ਗਿਆ ਕਤਲ ਦੱਸਿਆ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐੱਮ.ਐੱਸ.ਪੀ ਦੀ ਮੰਗ ਮੰਨ ਲਈ ਜਾਂਦੀ ਅਤੇ ਜਿਵੇਂ ਕਾਰਪੋਰੇਟ ਘਰਾਨਿਆਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ ਉਸੇ ਤਰ੍ਹਾਂ ਕਿਸਾਨਾਂ ਦਾ ਕਰਜ਼ਾ ਰੱਦ ਕਰ ਦਿੱਤਾ ਜਾਵੇ ਤਾਂ ਕਿਸਾਨ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕਦਾ ਹੈ | ਆਗੂਆਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨਾ ਮੰਨੀਆਂ ਤਾਂ ਦੋਵੇਂ ਕਿਸਾਨ ਭਰਾਵਾਂ ਦੇ ਭੋਗ ਸਮਾਗਮ ਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਗੁਰਦੇਵ ਸਿੰਘ ਮਾਂਗੇਵਾਲ, ਅੰਗਰੇਜ਼ ਸਿੰਘ ਭਦੌੜ, ਕਰਮਜੀਤ ਸਿੰਘ ਰਾਮ ਨਗਰ ਛੰਨਾਂ, ਗੁਰਦੀਪ ਸਿੰਘ ਖੁੱਡੀਆਂ, ਕੁਲਵੰਤ ਸਿੰਘ ਮਾਨ, ਜੁਗਰਾਜ ਸਿੰਘ ਹਰਦਾਸਪੁਰਾ, ਜਗਤਾਰ ਸਿੰਘ ਦੁੱਗਾਂ, ਹਰਵਿੰਦਰ ਸਿੰਘ ਕੋਟਲੀ, ਗੁਰਨਾਮ ਸਿੰਘ ਮਹਿਰਾਜ, ਜਗਤਾਰ ਸਿੰਘ ਦੇਹੜਕਾ, ਪਰਮਿੰਦਰ ਸਿੰਘ, ਰਾਣਾ ਹਰਜਿੰਦਰ ਸਿੰਘ, ਜਸਕਰਨ ਸਿੰਘ ਮੋਰਾਂਵਾਲੀ, ਸੁਖਚੈਨ ਸਿੰਘ ਰਾਜੂ, ਦੇਵੀ ਰਾਮ ਰੰਘੜਿਆਲ, ਸਤਨਾਮ ਸਿੰਘ ਬਰਨਾਲਾ, ਰਵਿੰਦਰ ਜੀਤ ਸਿੰਘ ਢੈਪਈ, ਮਨਜਿੰਦਰ ਕਮਲ, ਨਾਇਬ ਸਿੰਘ ਬਠਿੰਡਾ, ਬੇਅੰਤ ਸਿੰਘ ਬਣੀਏਵਾਲ, ਬਲਵਿੰਦਰ ਸਿੰਘ ਰਾਮਾਂ, ਹਾਕਮ ਸਿੰਘ ਭੱਟੀਆਂ, ਬਲਵਿੰਦਰ ਸਿੰਘ ਬਾਗੜੀਆਂ, ਰਾਜਵੀਰ ਸਿੰਘ ਕਪੂਰਥਲਾ, ਸੁਖਪਾਲ ਸਿੰਘ ਈਸਾਪੁਰ ਲੰਡਾ, ਜਗਜੀਤ ਸਿੰਘ ਰਾਮ ਨਗਰ ਛੰਨਾਂ, ਪਰਮਜੀਤ ਸਿੰਘ ਕਾਤਰੋਂ, ਜਗਤਾਰ ਸਿੰਘ ਛੰਨਾਂ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ |