ਟੱਲੇਵਾਲ, 30 ਮਾਰਚ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ 'ਸ਼ਾਨਦਾਰ 4 ਸਾਲ, 'ਭਗਵੰਤ ਸਿੰਘ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਸਪੋਕਸਪਰਸਨ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਸਿੱਖਿਆ ਇੰਚਾਰਜ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੱੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਸੰਤੁਸ਼ਟ ਹਨ | ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਲੋਕਾਂ ਦੀਆਂ ਉਮੀਦਾਂ ਅਤੇ ਭਰੋਸੇ ਉੱਤੇ ਖਰੀ ਉੱਤਰੀ ਹੈ | ਇਸ ਮੌਕੇ ਉਨ੍ਹਾਂ ਵਲੋਂ ਸਰਕਾਰ ਵਲੋਂ ਪਿਛਲੇ 4 ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਚੋਣਾਂ ਮੌਕੇ ਕੀਤੇ ਵਾਅਦੇ ਇਕ-ਇਕ ਕਰ ਕੇ ਪੂਰੇ ਕੀਤੇ ਗਏ ਹਨ ਅਤੇ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ | ਇਸ ਦੇ ਨਾਲ ਹੀ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਕਰਮਚਾਰੀਆਂ ਨੂੰ ਵੱਡੇ ਪੱਧਰ 'ਤੇ ਪੱਕਾ ਕੀਤਾ ਗਿਆ | ਸਰਕਾਰ ਵਲੋਂ ਘਰਾਂ ਲਈ 600 ਯੂਨਿਟ ਤੱਕ ਬਿਜਲੀ ਮੁਫ਼ਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਦੇ ਬਿਜਲੀ ਬਿੱਲ ਘਟ ਕੇ ਜ਼ੀਰੋ ਤੱਕ ਆ ਰਹੇ ਹਨ ਤੇ ਹੋਰ ਕਈ ਸੁਵਿਧਾਵਾਂ ਪ੍ਰਦਾਨ ਕੀਤੀਆਂ | ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ |