ਬਰਨਾਲਾ, 31 ਮਾਰਚ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਦਰਸ਼ਨ ਸਿੰਘ ਉੱਗੋਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਵਿਖੇ ਹੋਈ | ਇਸ ਮੌਕੇ ਚਮਕੌਰ ਸਿੰਘ, ਰਾਜਿੰਦਰ ਸਿੰਘ ਦਰਾਕਾ, ਕਨਵੀਨਰ ਗੁਰਦੇਵ ਸਿੰਘ, ਜੱਗਾ ਸਿੰਘ, ਮਨਜੀਤ ਰਾਜ, ਗੁਰਮੇਲ ਸ਼ਰਮਾ, ਰਣਜੀਤ ਸਿੰਘ, ਨੰਗਿਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ, ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਫਿਰ ਵੀ ਸਭ ਕੁੱਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ | ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ, ਹਵਾ, ਪਾਣੀ ਅਤੇ ਜ਼ਮੀਨ ਦਾ ਦੂਸ਼ਿਤ ਹੋਣਾ ਇਸ ਸੰਕਟ ਦੀ ਸਪਸ਼ਟ ਉਦਾਹਰਨ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ-2025, ਸੀਡ ਬਿਲ, ਚਾਰ ਲੇਬਰ ਕੋਡ, ਮਨਰੇਗਾ ਕਾਨੂੰਨ, ਨਵੀਂ ਅਤੇ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਫ਼ਸਲਾਂ ਫਲਾਂ ਸਬਜ਼ੀਆਂ ਅਤੇ ਬਾਸਮਤੀ ਦੀ ਸੀ-2+50 ਫ਼ੀਸਦੀ ਫ਼ਾਰਮੂਲਾ ਨਾਲ ਐਮ.ਐੱਸ.ਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ, ਡੈਮ ਸੇਫਟੀ ਐਕਟ ਨੂੰ ਰੱਦ ਕੀਤਾ ਜਾਵੇ, ਦਰਿਆਵਾਂ, ਨਹਿਰਾਂ ਅਤੇ ਡਰੇਨਾਂ ਵਿਚ ਉਦਯੋਗਾਂ ਅਤੇ ਸੀਵਰੇਜ ਦੇ ਪੈਂਦੇ ਦੂਸ਼ਿਤ ਪਾਣੀ ਨੂੰ ਬੰਦ ਕੀਤਾ ਜਾਵੇ, ਹੜ੍ਹਾਂ ਨੂੰ ਕੰਟਰੋਲ ਕਰਨ ਲਈ ਅਜਾਈਾ ਜਾ ਰਹੇ ਪਾਣੀ ਨੂੰ ਸੰਭਾਲਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ | ਕਿਸਾਨੀ ਮੰਗਾਂ ਮਸਲਿਆ ਨੂੰ ਹੱਲ ਕਰਨ ਲਈ 6 ਅਪ੍ਰੈਲ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂਅ ਮੰਗ-ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਗੁਰਮੇਲ ਸਿੰਘ, ਜਰਨੈਲ ਸਿੰਘ, ਸਾਹਿਬ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ ਮਹਿਤਾ, ਕੈਪਟਨ ਹਰਦੀਪ ਸਿੰਘ, ਜਗਰੂਪ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |