ਮਹਿਲ ਕਲਾਂ, 3 ਜੂਨ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)- ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਨਵ-ਨਿਯੁਕਤ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਵਲੋਂ ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਥਾਣਾ ਮਹਿਲ ਕਲਾਂ ਵਿਖੇ ਸਮੂਹ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸਬ ਡਵੀਜ਼ਨ ਅੰਦਰ ਅਮਨ-ਸ਼ਾਂਤੀ, ਕਾਨੂੰਨ ਵਿਵਸਥਾ, ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਤਾਲਮੇਲ ਬਣਾ ਕੇ ਰੱਖਣ ਦਾ ਭਰੋਸਾ ਦਿੱਤਾ | ਇਸ ਸਮੇਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ, ਸਬ ਡਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਥਾਣਾ ਮਹਿਲ ਕਲਾਂ, ਠੁੱਲੀਵਾਲ ਅਤੇ ਟੱਲੇਵਾਲ ਦੇ ਅਧਿਕਾਰ ਖੇਤਰ 'ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਅਤੇ ਇਨਸਾਫ਼ ਨੂੰ ਯਕੀਨੀ ਬਣਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰੀ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਇਸ ਸਮੇਂ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਕੁਲਵਿੰਦਰ ਸਿੰਘ ਤੇ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |