ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਟਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। 3 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ। ਬੀ.ਐਲ.ਓਜ਼. ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਤਪਾ-ਕਮ-ਈ.ਆਰ.ਓ. ਭਦੌੜ ਆਯੂਸ਼ ਗੋਇਲ, ਐਸ.ਡੀ.ਐਮ. ਬਰਨਾਲਾ-ਕਮ-ਈ.ਆਰ.ਓ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਮਹਿਲ ਕਲਾਂ-ਕਮ-ਈ.ਆਰ.ਓ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਚੋਣ ਤਹਿਸੀਲਦਾਰ ਰਾਮਜੀ ਲਾਲ, ਡੀ.ਈ.ਓ. (ਐਲੀਮੈਂਟਰੀ ਸਿੱਖਿਆ) ਮੈਡਮ ਇੰਦੂ ਸਿਮਕ, ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ, ਚੋਣ ਕਾਨੂੰਗੋ ਮਨਜੀਤ ਸਿੰਘ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਤੇ ਬੀਐਲਏ-1 ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਅਜੀਤ ਡੈਸਕ
24-06-2026