ਸੱਦੋਵਾਲ ਦੇ ਨੌਜਵਾਨ ਦੀ ਮੌਤ ਮਾਮਲੇ ’ਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਪੀੜਤ ਪਰਿਵਾਰ ਨੇ ਕੀਤਾ ਰੋਸ ਪ੍ਰਗਟ
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਸੱਦੋਵਾਲ ਦੇ ਨੌਜਵਾਨ ਗੁਰਬਖਸ਼ੀਸ਼ ਸਿੰਘ ਉਰਫ਼ ਮਨੀ ਦੀ ਮੌਤ ਦੇ ਮਾਮਲੇ ਵਿਚ ਥਾਣਾ ਟੱਲੇਵਾਲ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ, ਪਰ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮ੍ਰਿਤਕ ਦੇ ਪਰਿਵਾਰ ਵਿਚ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਕਰਮਜੀਤ ਕੌਰ, ਪਿਤਾ ਪਿਆਰਾ ਸਿੰਘ ਅਤੇ ਮਾਤਾ ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿਚ ਜਲਦ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਬ
ਬਲਾਕ ਪ੍ਰਧਾਨ ਮੋਨੂੰ ਸ਼ਰਮਾ ਤੇ ਗੁਰਸੇਵਕ ਸਿੰਘ ਛੰਨਾ
23-08-2026
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਸੱਦੋਵਾਲ ਦੇ ਨੌਜਵਾਨ ਗੁਰਬਖਸ਼ੀਸ਼ ਸਿੰਘ ਉਰਫ਼ ਮਨੀ ਦੀ ਮੌਤ ਦੇ ਮਾਮਲੇ ਵਿਚ ਥਾਣਾ ਟੱਲੇਵਾਲ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ, ਪਰ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮ੍ਰਿਤਕ ਦੇ ਪਰਿਵਾਰ ਵਿਚ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਕਰਮਜੀਤ ਕੌਰ, ਪਿਤਾ ਪਿਆਰਾ ਸਿੰਘ ਅਤੇ ਮਾਤਾ ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿਚ ਜਲਦ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਕੋਲ ਬਿਆਨ ਦਰਜ ਕਰਵਾਏ ਜਾਣ ਤੋਂ ਬਾਅਦ ਪੰਜ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਹੋ ਚੁੱਕਾ ਹੈ, ਪਰ ਇਸ ਦੇ ਬਾਵਜੂਦ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਰਚਾ ਦਰਜ ਹੋਣ ਤੋਂ ਬਾਅਦ ਪਰਿਵਾਰ ਨੂੰ ਉਮੀਦ ਸੀ ਕਿ ਪੁਲਿਸ ਵਲੋਂ ਮਾਮਲੇ ਵਿਚ ਅਗਲੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ, ਪਰ ਅਜੇ ਤੱਕ ਗ੍ਰਿਫ਼ਤਾਰੀਆਂ ਨਾ ਹੋਣ ਕਾਰਨ ਉਨ੍ਹਾਂ ਨੂੰ ਇਨਸਾਫ਼ ਮਿਲਦਾ ਨਜ਼ਰ ਨਹੀਂ ਆ ਰਿਹਾ। ਪਰਿਵਾਰ ਅਨੁਸਾਰ ਮੋਟਰਸਾਈਕਲ ਚੋਰੀ ਦੇ ਮਾਮਲੇ ਨੂੰ ਲੈ ਕੇ ਗੁਰਬਖਸ਼ੀਸ਼ ਸਿੰਘ ਉਰਫ਼ ਮਨੀ ’ਤੇ ਕਥਿਤ ਤੌਰ ’ਤੇ ਦਬਾਅ ਬਣਾਇਆ ਗਿਆ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਕੋਲੋਂ ਪਿੰਡ ਦੀ ਸੱਥ ਵਿਚ ਮੁਆਫ਼ੀ ਮੰਗਵਾਉਣ ਅਤੇ ਕਥਿਤ ਤੌਰ ’ਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੀ ਗੱਲ ਕਹੀ ਗਈ ਸੀ। ਪਰਿਵਾਰ ਮੁਤਾਬਿਕ ਇਸ ਘਟਨਾਕ੍ਰਮ ਤੋਂ ਬਾਅਦ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਪਰਿਵਾਰ ਪਹਿਲਾਂ ਹੀ ਗਹਿਰੇ ਸਦਮੇ ਵਿਚੋਂ ਗੁਜ਼ਰ ਰਿਹਾ ਹੈ, ਪਰ ਮਾਮਲਾ ਦਰਜ ਹੋਣ ਦੇ ਬਾਵਜੂਦ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰ ਨੂੰ ਹੋਰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਸਿਰਫ਼ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਮ੍ਰਿਤਕ ਦੇ ਪਿਤਾ ਪਿਆਰਾ ਸਿੰਘ ਅਤੇ ਮਾਤਾ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਨੌਜਵਾਨ ਪੁੱਤਰ ਗੁਆ ਲਿਆ ਹੈ ਅਤੇ ਹੁਣ ਉਹ ਆਪਣੇ ਪੁੱਤਰ ਦੀ ਮੌਤ ਦਾ ਸੱਚ ਸਾਹਮਣੇ ਆਉਣ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਹੋਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਕਿਸੇ ਬੇਗੁਨਾਹ ਨਾਲ ਧੱਕਾ ਨਹੀਂ ਚਾਹੁੰਦਾ, ਸਗੋਂ ਜਾਂਚ ਦੌਰਾਨ ਜਿਹੜੇ ਵਿਅਕਤੀ ਦੋਸ਼ੀ ਪਾਏ ਜਾਣ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ ਅਤੇ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਬੀਤਣ ਦੇ ਬਾਵਜੂਦ ਜੇਕਰ ਕਾਰਵਾਈ ਅੱਗੇ ਨਾ ਵਧੀ ਤਾਂ ਪਰਿਵਾਰ ਦਾ ਪੁਲਿਸ ਪ੍ਰਸ਼ਾਸਨ ਤੋਂ ਭਰੋਸਾ ਉੱਠ ਸਕਦਾ ਹੈ। ਪਤਨੀ ਕਰਮਜੀਤ ਕੌਰ, ਪਿਤਾ ਪਿਆਰਾ ਸਿੰਘ ਅਤੇ ਮਾਤਾ ਬਲਜੀਤ ਕੌਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਲਦ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਨਾਲ ਲੈ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਅਗਲਾ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨਾਲ ਧੱਕਾ ਕਰਨਾ ਨਹੀਂ, ਬਲਕਿ ਆਪਣੇ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਸੱਚ ਸਾਹਮਣੇ ਲਿਆ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ।