ਬਰਨਾਲਾ ਅਨਾਜ ਮੰਡੀ ’ਚ ਮੀਂਹ ਨੇ ਖੋਲ੍ਹੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ
ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੀ ਅਨਾਜ ਮੰਡੀ ਵਿਖੇ ਖੁੱਲ੍ਹੇ ਅਸਮਾਨ ਹੇਠ ਬੋਰੀਆਂ ’ਚ ਭਰ ਕੇ ਰੱਖਿਆ ਝੋਨਾ ਮੀਂਹ ਕਾਰਨ ਗਿੱਲਾ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਸਪਲਾਈ ਵਿਭਾਗ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਇਕ ਪਾਸੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰੈੱਸ ਨੋਟ ਜਾਰੀ ਕਰ ਕੇ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ’ਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੀਂਹ ਨੇ ਇਨ੍ਹਾਂ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਦਿੱਤੀ ਹੈ ।
ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੀ ਅਨਾਜ ਮੰਡੀ ਵਿਖੇ ਖੁੱਲ੍ਹੇ ਅਸਮਾਨ ਹੇਠ ਬੋਰੀਆਂ ’ਚ ਭਰ ਕੇ ਰੱਖਿਆ ਝੋਨਾ ਮੀਂਹ ਕਾਰਨ ਗਿੱਲਾ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਸਪਲਾਈ ਵਿਭਾਗ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਇਕ ਪਾਸੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰੈੱਸ ਨੋਟ ਜਾਰੀ ਕਰ ਕੇ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ’ਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੀਂਹ ਨੇ ਇਨ੍ਹਾਂ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਦਿੱਤੀ ਹੈ । ਬਰਨਾਲਾ ਅਨਾਜ ਮੰਡੀ ’ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕਰ ਕੇ ਬੋਰੀਆਂ ਵਿਚ ਭਰਿਆ ਪਿਆ ਝੋਨਾ ਮੀਂਹ ਦੀ ਮਾਰ ਹੇਠ ਆਉਣ ਕਾਰਨ ਗਿੱਲਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀਆਂ ਵਿਚ ਕਿਸਾਨਾਂ ਵਲੋਂ ਲਿਆਂਦੀ ਗਈ ਫ਼ਸਲ ਦੀ ਖ਼ਰੀਦ ਹੋਣ ਤੋਂ ਬਾਅਦ ਉਸ ਨੂੰ ਸੁਰੱਖਿਅਤ ਰੱਖਣ ਅਤੇ ਅਗਲੇਰੀ ਪ੍ਰਕਿਰਿਆ ਲਈ ਭੇਜਣ ਤੱਕ ਉਸ ਦੀ ਸੰਭਾਲ ਕਰਨਾ ਸੰਬੰਧਿਤ ਖ਼ਰੀਦ ਏਜੰਸੀ ਦੀ ਜ਼ਿੰਮੇਵਾਰੀ ਹੁੰਦੀ ਹੈ। ਇਸ ਦੌਰਾਨ ਫ਼ਸਲ ਨੂੰ ਮੀਂਹ ਅਤੇ ਨਮੀ ਤੋਂ ਬਚਾਉਣ ਲਈ ਲੋੜੀਂਦੀਆਂ ਤਰਪਾਲਾਂ, ਢੁਕਵੀਂ ਜਗ੍ਹਾ ਅਤੇ ਹੋਰ ਸੁਰੱਖਿਆ ਪ੍ਰਬੰਧ ਕਰਨਾ ਵੀ ਜ਼ਰੂਰੀ ਹੁੰਦਾ ਹੈ। ਇਸ ਦੇ ਬਾਵਜੂਦ ਬਰਨਾਲਾ ਅਨਾਜ ਮੰਡੀ ਵਿਚ ਬੋਰੀਆਂ ਵਿਚ ਭਰ ਕੇ ਰੱਖੇ ਝੋਨੇ ਨੂੰ ਮੀਂਹ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਨਜ਼ਰ ਨਾ ਆਉਣ ਕਾਰਨ ਸਬੰਧਿਤ ਵਿਭਾਗਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਸੁਭਾਵਿਕ ਹਨ । ਜ਼ਿਕਰਯੋਗ ਹੈ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ । ਮੰਡੀਆਂ ’ਚ ਸਫ਼ਾਈ, ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਸਟੋਰੇਜ ਸਮੇਤ ਹੋਰ ਸਹੂਲਤਾਂ ਦੇ ਪ੍ਰਬੰਧਾਂ ਨੂੰ ਲੈ ਕੇ ਵੀ ਸਮੇਂ-ਸਮੇਂ ’ਤੇ ਸਮੀਖਿਆ ਕੀਤੇ ਜਾਣ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ । ਪਰ ਬਰਨਾਲਾ ਦੀ ਅਨਾਜ ਮੰਡੀ ਵਿਚ ਮੀਂਹ ਕਾਰਨ ਬੋਰੀਆਂ ’ਚ ਭਰਿਆ ਝੋਨਾ ਗਿੱਲਾ ਹੋਣਾ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਜੇਕਰ ਪ੍ਰਬੰਧ ਪਹਿਲਾਂ ਹੀ ਮੁਕੰਮਲ ਸਨ ਤਾਂ ਖ਼ਰੀਦੀ ਗਈ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਲੋੜੀਂਦੀ ਸਾਵਧਾਨੀ ਕਿਉਂ ਨਹੀਂ ਵਰਤੀ ਗਈ? ਇਸ ਲਈ ਹੁਣ ਦੇਖਣਾ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਦਾ ਨੋਟਿਸ ਲੈਂਦਿਆਂ ਫ਼ਸਲ ਨੂੰ ਹੋਏ ਸੰਭਾਵੀ ਨੁਕਸਾਨ ਦਾ ਜਾਇਜ਼ਾ ਲਿਆ ਜਾਂਦਾ ਹੈ ਜਾਂ ਨਹੀਂ ਅਤੇ ਫ਼ਸਲ ਦੀ ਸੰਭਾਲ ਵਿਚ ਲਾਪਰਵਾਹੀ ਸਾਹਮਣੇ ਆਉਣ ’ਤੇ ਸਬੰਧਿਤ ਅਧਿਕਾਰੀਆਂ ਜਾਂ ਖ਼ਰੀਦ ਏਜੰਸੀਆ ਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਂਦੀ ਹੈ ਜਾਂ ਨਹੀਂ।