26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨੇ ਬਰਨਾਲਾ ਹਲਕੇ ਦੇ ਸੰਭਾਵੀ ਉਮੀਦਵਾਰਾਂ ਦੀਆਂ ਵਧਾਈਆਂ ਸਿਆਸੀ ਧੜਕਣਾਂ, ਟਿਕਟ ਆਵੇਗੀ ਕਿਸ ਦੇ ਹਿੱਸੇ ?

ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਿਆਸੀ ਗੱਠਜੋੜ ਨੇ ਜਿੱਥੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ, ਉੱਥੇ ਹੀ ਇਸ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਅਤੇ ਹਲਕਾ ਇੰਚਾਰਜਾਂ ਦੀਆਂ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਚਿੰਤਾਵਾਂ ਵੀ ਵਧਣ ਲੱਗੀਆਂ ਹਨ। ਇਸ ਦਾ ਮੁੱਖ ਕਾਰਨ ਦੋਵਾਂ ਪਾਰਟੀਆਂ ਵਿਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੇ ਇੱਛੁਕ ਆਗੂਆਂ ਦੀ ਵੱਡੀ ਗਿਣਤੀ ਹੋਣਾ ਹੈ।

ਅਜੀਤ ਡੈਸਕ 27-11-2026
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਸਿਆਸੀ ਗੱਠਜੋੜ ਨੇ ਜਿੱਥੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ, ਉੱਥੇ ਹੀ ਇਸ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਅਤੇ ਹਲਕਾ ਇੰਚਾਰਜਾਂ ਦੀਆਂ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਚਿੰਤਾਵਾਂ ਵੀ ਵਧਣ ਲੱਗੀਆਂ ਹਨ। ਇਸ ਦਾ ਮੁੱਖ ਕਾਰਨ ਦੋਵਾਂ ਪਾਰਟੀਆਂ ਵਿਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਦੇ ਇੱਛੁਕ ਆਗੂਆਂ ਦੀ ਵੱਡੀ ਗਿਣਤੀ ਹੋਣਾ ਹੈ। ਹੁਣ ਸਿਆਸੀ ਹਲਕਿਆਂ ਵਿਚ ਸਭ ਤੋਂ ਵੱਡਾ ਸਵਾਲ ਇਹ ਉੱਠਣ ਲੱਗਾ ਹੈ ਕਿ ਗੱਠਜੋੜ ਤਹਿਤ ਕਿਹੜਾ ਵਿਧਾਨ ਸਭਾ ਹਲਕਾ ਕਿਸ ਪਾਰਟੀ ਦੇ ਹਿੱਸੇ ਆਵੇਗਾ ਅਤੇ ਜਿਹੜੇ ਹਲਕਿਆਂ ਵਿਚ ਦੋਵਾਂ ਪਾਰਟੀਆਂ ਦੇ ਆਗੂ ਟਿਕਟ ਦੇ ਮਜ਼ਬੂਤ ਦਾਅਵੇਦਾਰ ਹਨ, ਉੱਥੇ ਪਾਰਟੀਆਂ ਆਪਣੇ ਆਗੂਆਂ ਨੂੰ ਕਿਵੇਂ ਸੰਤੁਸ਼ਟ ਕਰਨਗੀਆਂ? ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਆਪੋ-ਆਪਣੇ ਪੱਧਰ ’ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਂਦੇ ਰਹੇ ਹਨ ਅਤੇ ਇਨ੍ਹਾਂ ਆਗੂਆਂ ਵਲੋਂ ਲਗਾਤਾਰ ਆਪਣੇ ਹਲਕਿਆਂ ਵਿਚ ਸਿਆਸੀ ਸਰਗਰਮੀਆਂ ਵੀ ਕੀਤੀਆਂ ਜਾ ਰਹੀਆਂ ਹਨ। ਪਰ ਹੁਣ ਗੱਠਜੋੜ ਹੋਣ ਤੋਂ ਬਾਅਦ ਦੋਵਾਂ ਪਾਰਟੀਆਂ ਲਈ ਸੀਟਾਂ ਦੀ ਵੰਡ ਅਤੇ ਉਮੀਦਵਾਰਾਂ ਦੀ ਚੋਣ ਕਰਨਾ ਆਸਾਨ ਨਹੀਂ ਹੋਵੇਗਾ। ਖ਼ਾਸ ਕਰ ਕੇ ਉਨ੍ਹਾਂ ਹਲਕਿਆਂ ਵਿਚ ਸਥਿਤੀ ਦਿਲਚਸਪ ਬਣ ਸਕਦੀ ਹੈ, ਜਿੱਥੇ ਦੋਵਾਂ ਪਾਰਟੀਆਂ ਦੇ ਇੱਕ ਤੋਂ ਵੱਧ ਆਗੂ ਚੋਣ ਲੜਨ ਦੀਆਂ ਤਿਆਰੀਆਂ ਕਰ ਰਹੇ ਹਨ। ਜੇਕਰ ਵਿਧਾਨ ਸਭਾ ਹਲਕਾ ਬਰਨਾਲਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਕਈ ਆਗੂ ਸੰਭਾਵੀ ਉਮੀਦਵਾਰਾਂ ਵਜੋਂ ਸਿਆਸੀ ਚਰਚਾ ਦਾ ਕੇਂਦਰ ਬਣੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਅਤੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਦੇ ਨਾਮ ਦੀ ਵੀ ਸੰਭਾਵੀ ਉਮੀਦਵਾਰਾਂ ਵਜੋਂ ਚਰਚਾ ਹੋ ਰਹੀ ਹੈ। ਇਹ ਸਾਰੇ ਆਗੂ ਆਪੋ-ਆਪਣੇ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਵਿਚ ਹਿੱਸਾ ਲੈ ਰਹੇ ਹਨ ਅਤੇ ਹਲਕੇ ਅੰਦਰ ਆਪਣੀ ਸਿਆਸੀ ਮੌਜੂਦਗੀ ਦਰਜ ਕਰਵਾਉਣ ਵਿਚ ਲੱਗੇ ਹੋਏ ਹਨ। ਇਨ੍ਹਾਂ ਆਗੂਆਂ ਦੇ ਨਾਵਾਂ ਦੀ ਚਰਚਾ ਨੂੰ ਉਸ ਸਮੇਂ ਹੋਰ ਬਲ ਮਿਲਿਆ ਸੀ, ਜਦੋਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਫੇਰੀ ਦੌਰਾਨ ਆਪਣੇ ਸੰਬੋਧਨ ਵਿਚ ਇਨ੍ਹਾਂ ਆਗੂਆਂ ਦੀ ਕਾਰਗੁਜ਼ਾਰੀ ਅਤੇ ਪਾਰਟੀ ਪ੍ਰਤੀ ਸਰਗਰਮੀਆਂ ਦੀ ਸਟੇਜ ਤੋਂ ਪ੍ਰਸ਼ੰਸਾ ਕੀਤੀ ਸੀ। ਇਸ ਕਾਰਨ ਪਾਰਟੀ ਦੇ ਸਥਾਨਕ ਸਿਆਸੀ ਹਲਕਿਆਂ ਵਿਚ ਇਹ ਚਰਚਾ ਹੋਰ ਤੇਜ਼ ਹੋ ਗਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਵਿਚੋਂ ਕਿਸੇ ਵੀ ਆਗੂ ਨੂੰ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵਿਚ ਵੀ ਹਲਕਾ ਬਰਨਾਲਾ ਤੋਂ ਸੰਭਾਵੀ ਉਮੀਦਵਾਰਾਂ ਦੀ ਸੂਚੀ ਕਾਫ਼ੀ ਲੰਮੀ ਦਿਖਾਈ ਦੇ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਨਾਮ ਇਸ ਦੌੜ ਵਿਚ ਸਭ ਤੋਂ ਪ੍ਰਮੁੱਖ ਮੰਨਿਆ ਜਾ ਰਿਹਾ ਹੈ। ਹਾਲਾਂਕਿ ਜੇਕਰ ਬਰਨਾਲਾ ਵਿਧਾਨ ਸਭਾ ਸੀਟ ਭਾਜਪਾ ਦੇ ਹਿੱਸੇ ਆਉਂਦੀ ਹੈ ਅਤੇ ਕਿਸੇ ਕਾਰਨ ਸ. ਢਿੱਲੋਂ ਖ਼ੁਦ ਚੋਣ ਮੈਦਾਨ ਵਿਚ ਨਹੀਂ ਉੱਤਰਦੇ ਤਾਂ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਸੈਨਿਕ ਸੈੱਲ ਦੇ ਸੂਬਾ ਕੋ-ਕਨਵੀਨਰ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਸੀਨੀਅਰ ਆਗੂ ਬਲਜਿੰਦਰ ਸਿੰਘ ਵੜਿੰਗ (ਰਜਵਾੜੇ ਢਾਬੇ ਵਾਲੇ) ਦੇ ਨਾਮ ਵੀ ਸੰਭਾਵੀ ਉਮੀਦਵਾਰਾਂ ਵਜੋਂ ਚਰਚਾ ਵਿਚ ਹਨ। ਇਨ੍ਹਾਂ ਆਗੂਆਂ ਵਲੋਂ ਵੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਲਗਾਤਾਰ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਲਕਾ ਬਰਨਾਲਾ ਦੀ ਸਿਆਸਤ ਵਿਚ ਇੱਕ ਹੋਰ ਨਾਮ ਦੀ ਚਰਚਾ ਵੀ ਕਾਫ਼ੀ ਜ਼ੋਰਾਂ ’ਤੇ ਹੈ। ਇਹ ਨਾਮ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਾਜਿੰਦਰ ਗੁਪਤਾ ਦਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜੇਕਰ ਬਰਨਾਲਾ ਸੀਟ ਭਾਜਪਾ ਦੇ ਹਿੱਸੇ ਆਉਂਦੀ ਹੈ ਤਾਂ ਪਾਰਟੀ ਵਲੋਂ ਉਨ੍ਹਾਂ ਨੂੰ ਵੀ ਉਮੀਦਵਾਰ ਬਣਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਹਾਲਾਂਕਿ ਬੀਤੇ ਦਿਨੀਂ ਪੱਤਰਕਾਰਾਂ ਵਲੋਂ ਵਿਧਾਨ ਸਭਾ ਚੋਣਾਂ ਲੜਨ ਜਾਂ ਚੋਣ ਸਰਗਰਮੀਆਂ ਵਿਚ ਸਿੱਧੀ ਸ਼ਮੂਲੀਅਤ ਕਰਨ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਚ ਸ੍ਰੀ ਗੁਪਤਾ ਵਲੋਂ ਚੋਣ ਨਾ ਲੜਨ ਦੇ ਸੰਕੇਤ ਦਿੱਤੇ ਗਏ ਸਨ। ਇਸ ਦੇ ਬਾਵਜੂਦ ਉਨ੍ਹਾਂ ਦੇ ਨਾਮ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈਆਂ। ਭਾਵੇਂਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਬ) ਅਤੇ ਭਾਜਪਾ ਦੇ ਗੱਠਜੋੜ ਨੇ ਦੋਵਾਂ ਪਾਰਟੀਆਂ ਦੇ ਸਮਰਥਕਾਂ ਵਿਚ ਨਵੀਂ ਉਮੀਦ ਜਗਾਈ ਹੈ, ਪਰ ਹਲਕਾ ਬਰਨਾਲਾ ਵਿਚ ਟਿਕਟ ਦੀ ਦਾਅਵੇਦਾਰੀ ਅਤੇ ਸੀਟਾਂ ਦੀ ਵੰਡ ਦਾ ਮਾਮਲਾ ਆਉਣ ਵਾਲੇ ਸਮੇਂ ਵਿਚ ਸਿਆਸਤ ਦਾ ਮੁੱਖ ਕੇਂਦਰ ਬਣ ਸਕਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਗੱਠਜੋੜ ਦੀ ਰਣਨੀਤੀ ਤਹਿਤ ਬਰਨਾਲਾ ਦੀ ਸੀਟ ਕਿਸ ਪਾਰਟੀ ਦੇ ਹਿੱਸੇ ਆਉਂਦੀ ਹੈ ਅਤੇ ਦੋਵਾਂ ਪਾਰਟੀਆਂ ਦੇ ਕਈ ਚਰਚਿਤ ਚਿਹਰਿਆਂ ਵਿਚੋਂ ਅੰਤਿਮ ਬਾਜ਼ੀ ਕੌਣ ਮਾਰਦਾ ਹੈ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਅੱਜ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡਰਿੱਲ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।