ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਰਲਡ ਸਿੱਖ ਪਾਰਲੀਮੈਂਟ ਨੇ ਦਿੱਲੀ ਦੇ ਸੰਸਦ ਮਾਰਗ ਅਤੇ ਜੰਤਰ-ਮੰਤਰ ਵਿਖੇ ਆਪਣੇ ਭਵਿੱਖ ਅਤੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਭਾਰਤੀ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ, ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਅਤੇ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਅਤੇ ਸੰਵਿਧਾਨਕ ਹੱਕਾਂ ਦੀ ਮੰਗ ਸੀ, ਉਨ੍ਹਾਂ ਦਾ ਜਵਾਬ ਭਾਰਤੀ ਹਕੂਮਤ ਨੇ ਲਾਠੀਆਂ, ਹਿੰਸਾ ਅਤੇ ਦਹਿਸ਼ਤ ਨਾਲ ਦਿੱਤਾ। ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਅਤੇ ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਅੱਜ ਜੋ ਕੁਝ ਦਿੱਲੀ ਦੀਆਂ ਸੜਕਾਂ ਉੱਤੇ ਭਾਰਤ ਦੇ ਨੌਜਵਾਨਾਂ ਨਾਲ ਹੋ ਰਿਹਾ ਹੈ, ਸਿੱਖ ਕੌਮ ਦਹਾਕਿਆਂ ਤੋਂ ਇਸੇ ਦਮਨ, ਇਸੇ ਜ਼ੁਲਮ ਅਤੇ ਇਸੇ ਰਾਜਸੀ ਹਿੰਸਾ ਦਾ ਸਾਹਮਣਾ ਕਰਦੀ ਆ ਰਹੀ ਹੈ। ਜਦੋਂ ਵੀ ਸਿੱਖਾਂ ਨੇ ਆਪਣੇ ਧਾਰਮਿਕ, ਰਾਜਨੀਤਿਕ ਜਾਂ ਮਨੁੱਖੀ ਅਧਿਕਾਰਾਂ ਦੀ ਗੱਲ ਕੀਤੀ, ਉਨ੍ਹਾਂ ਨੂੰ ਗੋਲੀਆਂ, ਜੇਲ੍ਹਾਂ, ਝੂਠੇ ਕੇਸਾਂ ਅਤੇ ਰਾਜਸੀ ਦਹਿਸ਼ਤ ਨਾਲ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਵਰਲਡ ਸਿੱਖ ਪਾਰਲੀਮੈਂਟ ਨੇ ਦੁਨੀਆ ਭਰ ਵਿੱਚ ਵੱਸਦੇ ਸਮੂਹ ਸਿੱਖਾਂ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਦੇਸ਼ਾਂ ਦੀਆਂ ਸਰਕਾਰਾਂ, ਸੰਸਦਾਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਤੱਕ ਇਸ ਘਟਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ, ਤਾਂ ਜੋ ਭਾਰਤੀ ਰਾਜ ਦੇ ਦਮਨਕਾਰੀ ਚਿਹਰੇ ਨੂੰ ਵਿਸ਼ਵ ਭਾਈਚਾਰੇ ਸਾਹਮਣੇ ਬੇਨਕਾਬ ਕੀਤਾ ਜਾ ਸਕੇ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅੰਤਰਰਾਸ਼ਟਰੀ ਦਬਾਅ ਬਣਾਇਆ ਜਾ ਸਕੇ।