08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਅੰਤਰਰਾਸ਼ਟਰੀ ਯੂਥ ਹਾਕੀ ਕੱਪ ਸਮੇਂ ਦੀ ਮੰਗ, ਹਰ ਸਾਲ ਕਰਵਾਇਆ ਜਾਵੇਗਾ: ਨਵਤੇਜ ਸਿੰਘ ਬਸਰਾ

ਅਜੀਤ ਡੈਸਕ 28-07-2026
ਸਿਡਨੀ, 27 ਜੁਲਾਈ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿੱਚ ਪਿਛਲੇ ਦਿਨੀਂ ਸਫ਼ਲਤਾਪੂਰਵਕ ਸੰਪੰਨ ਹੋਏ ਪਹਿਲੇ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਨੇ ਨੌਜਵਾਨ ਹਾਕੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਭਵਿੱਖ ਲਈ ਕਈ ਨਵੇਂ ਮੀਲ ਪੱਥਰ ਸਥਾਪਤ ਕੀਤੇ ਹਨ। ਇਸੇ ਸਬੰਧ ਵਿੱਚ ਕੱਪ ਦੀ ਸਮੀਖਿਆ ਕਰਨ ਅਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਨਵਤੇਜ ਸਿੰਘ ਬਸਰਾ, ਪ੍ਰਬੰਧਕਾਂ, ਖਿਡਾਰੀਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਨਵਤੇਜ ਸਿੰਘ ਬਸਰਾ ਨੇ ਕਿਹਾ ਕਿ ਪਹਿਲੇ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਨੂੰ ਮਿਲੀ ਭਰਵੀਂ ਸਫ਼ਲਤਾ ਨਾਲ ਜ਼ਿੰਮੇਵਾਰੀਆਂ ਹੋਰ ਵੀ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸਿਰਫ਼ ਇੱਕ ਮੁਕਾਬਲਾ ਨਹੀਂ, ਸਗੋਂ ਨੌਜਵਾਨ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਮੰਚ ਪ੍ਰਦਾਨ ਕਰਨ ਦੀ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਐਲਾਨ ਕੀਤਾ ਕਿ ਇਹ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਹੁਣ ਹਰ ਸਾਲ ਕਰਵਾਇਆ ਜਾਵੇਗਾ ਅਤੇ ਇਸ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਟੀਮਾਂ ਅਤੇ ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਟੂਰਨਾਮੈਂਟ ਵਿੱਚ ਭਾਰਤ ਤੋਂ 200 ਤੋਂ ਵੱਧ ਖਿਡਾਰੀ ਆਸਟ੍ਰੇਲੀਆ ਪਹੁੰਚੇ, ਜਦਕਿ ਸਿੰਗਾਪੁਰ, ਮਲੇਸ਼ੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਨੇ ਵੀ ਭਾਗ ਲਿਆ। ਟੂਰਨਾਮੈਂਟ ਵਿੱਚ ਲੜਕਿਆਂ ਅਤੇ ਲੜਕੀਆਂ ਦੋਵਾਂ ਵਰਗਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਅਗਲਾ ਅੰਤਰਰਾਸ਼ਟਰੀ ਯੂਥ ਹਾਕੀ ਕੱਪ ਮਾਰਚ 2027 ਵਿੱਚ ਕਰਵਾਇਆ ਜਾਵੇਗਾ, ਜਿਸ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਆਯੋਜਕਾਂ ਨੇ ਵਿਸ਼ਵ ਦੇ ਹੋਰ ਦੇਸ਼ਾਂ ਦੀਆਂ ਟੀਮਾਂ ਨੂੰ ਵੀ ਸ਼ਾਮਲ ਕਰਕੇ ਇਸ ਟੂਰਨਾਮੈਂਟ ਨੂੰ ਹੋਰ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਬਣਾਉਣ ਦਾ ਸੰਕਲਪ ਪ੍ਰਗਟਾਇਆ। ਮੀਟਿੰਗ ਵਿੱਚ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਖੇਡ ਸਮਾਗਮ ਨਾ ਸਿਰਫ਼ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ, ਸਗੋਂ ਵੱਖ-ਵੱਖ ਦੇਸ਼ਾਂ ਵਿਚਕਾਰ ਖੇਡ ਭਾਵਨਾ, ਭਾਈਚਾਰਕ ਸਾਂਝ ਅਤੇ ਸੱਭਿਆਚਾਰਕ ਸਬੰਧਾਂ ਨੂੰ ਵੀ ਮਜ਼ਬੂਤ ਕਰਦੇ ਹਨ।


ਪਿਛਲੀ ਖ਼ਬਰ ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਵੱਲੋਂ ਸ਼ੂਗਰ ਵਿਰੁੱਧ ਰਾਈਡ ਕਰਵਾਈ ਅਗਲੀ ਖ਼ਬਰ ਜੂਡੋ ਖਿਡਾਰੀ ਕਰਨਜੀਤ ਮਾਨ ਗਲਾਸਗੋ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।