.
ਬਰਲਿਨ, 9 ਸਤੰਬਰ (ਲਖਵਿੰਦਰ ਸਿੰਘ ਜਰਮਨੀ)-ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਕਵੀਸ਼ਰੀ ਜਥੇ ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਜਗਜੀਤ ਸਿੰਘ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧਿਆਤਮਿਕ ਅਤੇ ਸਿਧਾਂਤਕ ਸੰਦੇਸ਼ ਤੋਂ ਜਾਣੂ ਕਰਵਾਉਂਦਿਆਂ ਗੁਰੂ ਸਾਹਿਬ ਦੇ ਲੜ ਲੱਗ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ, ਜਦੋਂਕਿ ਭਾਈ ਦਿਲਾਵਰ ਸਿੰਘ ਬੱਬਰ ਦੇ ਜੀਵਨ, ਸੰਘਰਸ਼ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਪੇਸ਼ ਕੀਤੀਆਂ ਗਈਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਪਾਲ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਸਿੱਖ ਸਮਾਜ ਨੂੰ ਮਜ਼ਬੂਤ ਅਤੇ ਇਕਜੁੱਟ ਕੀਤਾ ਜਾ ਸਕਦਾ ਹੈ।