ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ’ ਤੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵਲੋਂ ਸਖ਼ਤ ਰੋਸ
ਨਿਊਯਾਰਕ, 15 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)–ਪੰਜਾਬ ਦੇ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਨੂੰ ਲੈ ਕੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੇ ਡੂੰਘੇ ਦੁੱਖ ਅਤੇ ਸਖ਼ਤ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਲਈ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰੀ ਕਾਰਵਾਈ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਨਿਊਯਾਰਕ, 15 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)–ਪੰਜਾਬ ਦੇ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਨੂੰ ਲੈ ਕੇ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੇ ਡੂੰਘੇ ਦੁੱਖ ਅਤੇ ਸਖ਼ਤ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਲਈ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰੀ ਕਾਰਵਾਈ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸਿੱਖ ਜਥੇਬੰਦੀਆਂ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਪਰਵਿੰਦਰ ਸਿੰਘ ਝੋਟੇ ਨੂੰ ਸ਼ਹੀਦ ਐਲਾਨਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪਰਵਿੰਦਰ ਸਿੰਘ ਵਲੋਂ ਕੀਤੇ ਗਏ ਉਪਰਾਲਿਆਂ ਨੂੰ ਪੰਜਾਬ ਦੇ ਲੋਕ ਹਮੇਸ਼ਾ ਯਾਦ ਰੱਖਣਗੇ। ਵਿਦੇਸ਼ਾਂ ਵਿਚ ਵੱਸਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਉਸ ਦੇ ਪਰਿਵਾਰ ਨਾਲ ਖੜ੍ਹੀਆਂ ਹਨ। ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਮੈਡੀਕਲ ਸਟੋਰ ਰਾਹੀਂ ਗੈਰ-ਕਾਨੂੰਨੀ ਨਸ਼ਾ ਵਿਕਰੀ ਹੋ ਰਹੀ ਸੀ ਤਾਂ ਸੰਬੰਧਿਤ ਅਧਿਕਾਰੀਆਂ ਨੇ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਨੂੰ ਕਥਿਤ ਸਿਆਸੀ ਸਰਪ੍ਰਸਤੀ ਮਿਲਣ ਦੇ ਦੋਸ਼ਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਸਰਦਾਰ ਹਿੰਮਤ ਸਿੰਘ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ, ਸਿੱਧੂ ਮੂਸੇਵਾਲਾ, ਦੀਪ ਸਿੱਧੂ ਅਤੇ ਹੁਣ ਪਰਵਿੰਦਰ ਸਿੰਘ ਝੋਟੇ ਵਰਗੇ ਨੌਜਵਾਨਾਂ ਦੇ ਕਤਲਾਂ ਅਤੇ ਵਿਛੋੜਿਆਂ ਕਾਰਨ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦੇ ਸਮਾਜਿਕ ਅਤੇ ਧਾਰਮਿਕ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਆਪਣਾ ਯੋਗਦਾਨ ਪਾਇਆ ਸੀ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਰਕਾਰਾਂ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਅਤੇ ਪੰਜਾਬ ਦੀ ਅਸਲ ਸਥਿਤੀ ਵਿਚ ਵੱਡਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਨਸ਼ਾ ਵੇਚਣ ਵਾਲਿਆਂ ਦੇ ਬੇਖ਼ੌਫ਼ ਹੋਣ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਮੀਡੀਆ ਬੁਲਾਰੇ ਹਰਜਿੰਦਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੜਾਈ ਲੜ ਰਿਹਾ ਸੀ। ਉਸ ਦੀ ਆਵਾਜ਼ ਅਤੇ ਸੰਘਰਸ਼ ਨੂੰ ਭੁਲਾਇਆ ਨਹੀਂ ਜਾ ਸਕਦਾ।