18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਆਤਿਸ਼ੀ ਵਿਰੁੱਧ ਕਾਰਵਾਈ ਦੀ ਕੀਤੀ ਮੰਗ <br/>

ਅਜੀਤ ਡੈਸਕ 22-01-2026
ਕਰਨਾਲ, 21 ਜਨਵਰੀ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ 'ਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ | ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਕਮਿਸ਼ਨਰ ਨੂੰ ਮਿਲਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ 'ਚ ਪੁੱਜੇ ਵਫ਼ਦ ਵਿਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਸ਼ਾਮਿਲ ਸਨ | ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖ਼ਾਸਤ 'ਚ ਕਿਹਾ ਕਿ 6 ਜਨਵਰੀ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਅੰਦਰ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਤਕ ਸ਼ਬਦ ਵਰਤਦਿਆਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ | ਉਸ ਵਲੋਂ ਵਰਤੇ ਗਏ ਸ਼ਬਦ ਵਿਧਾਨ ਸਭਾ ਦੀ ਕਾਰਵਾਈ 'ਚ ਵੀ ਦਰਜ ਹਨ | ਪੱਤਰ ਵਿਚ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੇ ਉਪਦੇਸ਼ ਸਮੁੱਚੀ ਮਾਨੁੱਖਤਾ ਲਈ ਰਾਹ-ਦਸੇਰਾ ਹਨ | ਸਿੱਖ ਕੌਮ ਹਮੇਸ਼ਾਂ ਹੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਜਾਤ-ਪਾਤ, ਨਸਲ, ਭੇਦ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦੀ ਗੱਲ ਕਰਦੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੀ 'ਆਪ' ਆਗੂ ਵਲੋਂ ਕੀਤੀਆਂ ਗੁਰੂ ਸਾਹਿਬਾਨ ਵਿਰੁੱਧ ਟਿੱਪਣੀਆਂ ਨੇ ਦੁਨੀਆ ਭਰ ਅੰਦਰ ਵੱਸੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ | ਉਸ ਵਲੋਂ ਇਹ ਟਿੱਪਣੀਆਂ ਜਾਣਬੁਝ ਕੇ ਕੀਤੀਆਂ ਗਈਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ | ਪੁਲਿਸ ਕਮਿਸ਼ਨਰ ਨੂੰ ਲਿਖੇ ਪੱਤਰ 'ਚ ਜ਼ਿਕਰ ਕੀਤਾ ਗਿਆ ਕਿ ਇਸ ਸਮੇਂ ਜਦੋਂ ਭਾਰਤ ਸਮੇਤ ਪੂਰੀ ਦੁਨੀਆ ਅੰਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮਨਾ ਕੇ ਉਨ੍ਹਾਂ ਵਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਜਾ ਰਿਹਾ ਹੈ ਤਾਂ ਅਜਿਹੇ ਸਮੇਂ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦੇ ਵਲੋਂ ਗੁਰੂ ਸਾਹਿਬਾਨ ਪ੍ਰਤੀ ਅਜਿਹੀ ਸ਼ਬਦਾਵਲੀ ਵਰਤਣੀ ਬੇਹੱਦ ਮੰਦਭਾਗੀ ਹੈ | ਵਫ਼ਦ ਨੇ ਪੁਲਿਸ ਕਮਿਸ਼ਨਰ ਪਾਸੋਂ 'ਆਪ' ਆਗੂ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਪਰਚਾ ਦਰਜ ਕਰਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਸਿਆਸੀ ਆਗੂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਹਰਕਤ ਨਾ ਕਰੇ |

ਪਿਛਲੀ ਖ਼ਬਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਹਵਨ ਕਰਵਾਇਆ <br/> ਅਗਲੀ ਖ਼ਬਰ ਸਰਸਵਤੀ ਮਹਾਂਉਤਸਵ-2026 'ਤੇ ਕੁਇਜ਼ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।