ਮੱਲਾਂਵਾਲਾ, 26 ਮਾਰਚ (ਬਲਬੀਰ ਸਿੰਘ ਜੋਸਨ)-ਭਗਵੰਤ ਮਾਨ ਸਰਕਾਰ ਵਲੋਂ ਅੰਮਿ੍ਤਸਰ ਵਿਖੇ ਕਿਸਾਨਾਂ ਦੇ ਚੱਲ ਰਹੇ ਸ਼ਾਂਤਮਈ ਧਰਨੇ 'ਤੇ ਕੀਤੇ ਗਏ ਜਬਰ ਅਤੇ ਕਿਸਾਨ ਆਗੂਆਂ ਦੀਆਂ ਗਿ੍ਫ਼ਤਾਰੀਆਂ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੱਲਾਂਵਾਲਾ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਬਸਤੀ ਸੁਨਾਵਾਂ ਚੌਂਕ ਅਤੇ ਕਾਮਲ ਵਾਲਾ ਸਭਰਾ ਰੋਡ ਸਮੇਤ ਕਈ ਸਥਾਨਾਂ 'ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗੁਰਮੇਲ ਸਿੰਘ ਫੱਤੇਵਾਲਾ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ ਬੀਤੇ ਦਿਨੀਂ ਡੀ.ਸੀ ਦਫ਼ਤਰ ਅੰਮਿ੍ਤਸਰ ਅੱਗੇ ਸ਼ਾਂਤਮਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਪਹਿਲਾਂ ਵਾਂਗ ਹੀ ਰਵੱਈਆ ਅਪਣਾਉਂਦੇ ਹੋਏ ਕਿਸਾਨਾਂ ਨੂੰ ਰਾਮ ਤੀਰਥ ਰੋਡ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਰੋਕ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ, ਕਈ ਕਿਸਾਨ ਜ਼ਖ਼ਮੀ ਹੋਣ ਦੇ ਬਾਵਜੂਦ ਕਿਸਾਨ ਉੱਥੇ ਹੀ ਧਰਨਾ ਦੇ ਕੇ ਬੈਠ ਗਏ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹੀ ਬਿਆਨਾਂ ਤੋਂ ਮੁੱਕਰ ਰਹੀ ਹੈ, ਕਿਉਂਕਿ ਪਹਿਲਾਂ ਡੀ.ਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਦੀ ਆਗਿਆ ਦਿੱਤੀ ਗਈ ਸੀ ਪਰ ਹੁਣ ਸ਼ਾਂਤਮਈ ਪ੍ਰਦਰਸ਼ਨ ਵੀ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ | ਕਿਸਾਨ ਆਗੂਆਂ ਨੇ ਦੱਸਿਆ ਕਿ ਸਵੇਰੇ ਸਾਢੇ ਚਾਰ ਵਜੇ ਧਰਨੇ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਧਰਨਾ ਖ਼ਤਮ ਕਰਵਾਇਆ ਗਿਆ ਅਤੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਸਮੇਤ ਕਈ ਆਗੂਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਜਿਸ ਦੀ ਉਹਨਾਂ ਵਲੋਂ ਤਿੱਖੀ ਨਿਖੇਧੀ ਕੀਤੀ ਗਈ | ਆਪਣੀਆਂ ਮੰਗਾਂ ਦੱਸਦਿਆਂ ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਨਹੀਂ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਰੋਸ ਪ੍ਰਦਰਸ਼ਨ ਵਿਚ ਰਣਜੀਤ ਸਿੰਘ ਖੱਚਰ ਵਾਲਾ, ਸੁਖਦੇਵ ਸਿੰਘ ਆਸਿਫਵਾਲਾ, ਗੁਰਮੁਖ ਸਿੰਘ ਕਾਮਲ ਵਾਲਾ, ਟਹਿਲ ਸਿੰਘ ਕਾਮਲ ਵਾਲਾ, ਜੋਗਾ ਸਿੰਘ ਸੁਨਾਵਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ |