ਟੋਹਾਣਾ, 3 ਜੂਨ (ਮਨਜੀਤ ਸਿੰਘ) - ਚਾਂਦਪੁਰਾ ਪਿੰਡ ਦੇ ਫੀਡਰ ਨੂੰ ਮਿਓਾਦ ਕਲਾਂ ਬਿਜਲੀ ਘਰ ਨਾਲ ਜੋੜਨ ਦੇ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਬਿਜਲੀ ਵਿਭਾਗ ਵਿਚਕਾਰ ਵਿਵਾਦ ਗਹਿਰਾ ਗਿਆ ਹੈ | ਇਸ ਮਾਮਲੇ ਸਬੰਧੀ ਜਾਖਲ ਬਿਜਲੀ ਵਿਭਾਗ ਦੇ ਐਸ.ਡੀ.ਓ. ਨੇ ਭਰੋਸਾ ਦਿੱਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਬਿਜਲੀ ਦੀਆਂ ਤਾਰਾਂ ਉਤਾਰੀਆਂ ਹਨ, ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਚਾਂਦਪੁਰਾ ਦੇ ਸਰਪੰਚ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਬਿਨਾਂ ਕਿਸੇ ਪਰਮਿਟ ਅਤੇ 11 ਹਜ਼ਾਰ ਵੋਲਟ ਦੀ ਲਾਈਨ ਨੂੰ ਅਧਿਕਾਰਤ ਤੌਰ 'ਤੇ ਬੰਦ ਕੀਤੇ ਬਿਨਾਂ ਹੀ ਬੀਤੀ ਰਾਤ ਬਿਜਲੀ ਦੀਆਂ ਤਾਰਾਂ ਉਤਾਰ ਦਿੱਤੀਆਂ ਗਈਆਂ | ਪਿੰਡ ਵਾਸੀਆਂ ਨੇ ਇਸ ਸਬੰਧੀ ਬਿਜਲੀ ਵਿਭਾਗ ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ | ਧਰਨੇ ਦੌਰਾਨ ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸੜਕ ਜਾਮ ਕਰਨ ਵਰਗੇ ਕਦਮ ਵੀ ਚੁੱਕੇ ਜਾ ਸਕਦੇ ਹਨ | ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ | ਵਿਭਾਗ ਦੇ ਭਰੋਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ | ਹਾਲਾਂਕਿ ਪਿੰਡ ਵਾਸੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |