12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਟੋਹਾਣਾ ਦੇ ਮਨਿਆਣਾ ਰੋਡ 'ਤੇ 18 ਦਰੱਖ਼ਤਾਂ ਦੀ ਕਟਾਈ ਦਾ ਮਾਮਲਾ ਗਰਮਾਇਆ-ਚੰਡੀਗੜ੍ਹ ਤੋਂ ਪੁੱਜੀ ਉੱਚ ਪੱਧਰੀ ਜਾਂਚ ਟੀਮ

ਅਜੀਤ ਡੈਸਕ 04-06-2026
ਟੋਹਾਣਾ, 3 ਜੂਨ (ਮਨਜੀਤ ਸਿੰਘ) - ਟੋਹਾਣਾ ਦੇ ਮਨਿਆਣਾ ਰੋਡ 'ਤੇ 18 ਦਰਖਤਾਂ ਦੀ ਗੈਰ-ਕਾਨੂੰਨੀ ਕਟਾਈ ਦਾ ਮਾਮਲਾ ਹੁਣ ਹੋਰ ਵੀ ਗੰਭੀਰ ਹੋ ਗਿਆ ਹੈ | ਮਾਮਲੇ ਦੀ ਜਾਂਚ ਲਈ ਹਰਿਆਣਾ ਵਣ ਵਿਭਾਗ ਦੇ ਉੱਚ ਅਧਿਕਾਰੀ ਚੰਡੀਗੜ੍ਹ ਤੋਂ ਟੋਹਾਣਾ ਪਹੁੰਚੇ ਅਤੇ ਮੌਕੇ ਦਾ ਮੁਆਇਨਾ ਕਰ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਸੂਤਰਾਂ ਮੁਤਾਬਕ ਜਾਂਚ ਟੀਮ ਨੇ ਸਥਾਨਕ ਵਣ ਵਿਭਾਗ ਦੇ ਅਧਿਕਾਰੀਆਂ ਤੋਂ ਦਰੱਖਤਾਂ ਦੀ ਕਟਾਈ ਸਬੰਧੀ ਸਾਰੇ ਰਿਕਾਰਡ, ਮਨਜ਼ੂਰੀਆਂ ਅਤੇ ਦਸਤਾਵੇਜ਼ ਤਲਬ ਕੀਤੇ ਹਨ | ਇਸ ਦੇ ਨਾਲ ਹੀ ਸੰਬੰਧਿਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਦਿਨਾਂ ਅੰਦਰ ਆਪਣਾ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਗਏ ਹਨ | ਜਾਂਚ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਦਰਖਤਾਂ ਦੀ ਕਟਾਈ ਨਿਯਮਾਂ ਅਨੁਸਾਰ ਕੀਤੀ ਗਈ ਸੀ ਜਾਂ ਫਿਰ ਇਸ ਵਿੱਚ ਕਿਸੇ ਪੱਧਰ 'ਤੇ ਲਾਪਰਵਾਹੀ, ਅਣਗਹਿਲੀ ਜਾਂ ਨਿਯਮਾਂ ਦੀ ਉਲੰਘਣਾ ਹੋਈ ਹੈ | ਮਾਮਲੇ ਵਿੱਚ ਪਹਿਲਾਂ ਹੀ ਐਫ.ਆਈ.ਆਰ. ਦਰਜ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਦੀਆਂ ਨਜ਼ਰਾਂ ਹੁਣ ਜਾਂਚ ਦੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ | ਇਸ ਦੌਰਾਨ ਲੱਕੜ ਹਾਰੇ ਵੱਲੋਂ ਵੀ ਕਈ ਗੰਭੀਰ ਦੋਸ਼ ਲਗਾਏ ਜਾਣ ਦੀ ਚਰਚਾ ਹੈ, ਜਿਸ ਕਾਰਨ ਮਾਮਲਾ ਹੋਰ ਵੀ ਚਰਚਾ ਵਿੱਚ ਆ ਗਿਆ ਹੈ | ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਜੇ ਅਧਿਕਾਰਕ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ | ਵਾਤਾਵਰਣ ਪ੍ਰੇਮੀਆਂ ਅਤੇ ਸਮਾਜਿਕ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਜਾਂਚ ਵਿੱਚ ਕਿਸੇ ਵੀ ਅਧਿਕਾਰੀ ਜਾਂ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ | ਦੂਜੇ ਪਾਸੇ ਸ਼ਹਿਰ ਵਿੱਚ ਇਹ ਚਰਚਾ ਵੀ ਜ਼ੋਰਾਂ 'ਤੇ ਹੈ ਕਿ ਕੀ ਇਸ ਮਾਮਲੇ ਵਿੱਚ ਕੁਝ ਵੱਡੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਾਂ ਨਹੀਂ | ਉੱਧਰ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਹੁਣ ਸਾਰਿਆਂ ਦੀਆਂ ਨਜ਼ਰਾਂ ਜਾਂਚ ਰਿਪੋਰਟ 'ਤੇ ਟਿਕੀਆਂ ਹੋਈਆਂ ਹਨ |
ਪਿਛਲੀ ਖ਼ਬਰ ਪਿੰਡ ਪਹੁੰਚਣ 'ਤੇ ਕੀਤਾ ਗਿਆ ਸ਼ਾਨਦਾਰ ਸਵਾਗਤ ਪਿੰਡ ਢਾਣੀ ਬਿੰਜਾ ਲਾਂਬਾ ਦੀ ਧੀ ਸਿਮਰਨ ਭਾਰਤੀ ਫ਼ੌਜ 'ਚ ਲੈਫ਼ਟੀਨੈ... ਅਗਲੀ ਖ਼ਬਰ ਭਾਖੜਾ ਨਹਿਰ ਵਿੱਚ ਡੁੱਬੇ ਜਾਖ਼ਲ ਦੇ ਨੌਜਵਾਨ ਰਾਹੁਲ ਦੀ ਲਾਸ਼ ਬਰਾਮਦ; ਪਰਿਵਾਰ ਵਿੱਚ ਛਾਇਆ ਮਾਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।