ਸਿਰਸਾ, 29 ਜੁਲਾਈ (ਭੁਪਿੰਦਰ ਪੰਨੀਵਾਲੀਆ)- ਦੱਖਣ ਹਰਿਆਣਾ ਬਿਜਲੀ ਨਿਗਮ 132 ਕੇਵੀ ਦੀ ਮੁੱਖ ਲਾਈਨ ਲਈ ਕਿਸਾਨਾਂ ਦੀ ਜ਼ਮੀਨ ’ਚ ਲਾਏ ਜਾ ਟਾਵਰਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਵੈਦਵਾਲਾ ਨੇ ਕੀਤੀ। ਕਿਸਾਨ ਜ਼ਮੀਨ ਦੇ ਬਾਜ਼ਾਰੀ ਭਾਅ ਮੁਤਾਬਕ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭੁਪਿੰਦਰ ਸਿੰਘ ਵੈਦਵਾਲਾ ਨੇ ਕਿਹਾ ਕਿ ਬਿਜਲੀ ਨਿਗਮ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕਿਸਾਨਾਂ ਦੀ ਜ਼ਮੀਨ ਦੇ ਮੁਆਵਜ਼ੇ ਲਈ ਮੁੜ ਤੋਂ ਵਿਚਾਰ ਕੀਤਾ ਜਾਵੇਗਾ ਪਰ ਬਿਜਲੀ ਨਿਗਮ ਨੇ ਪੁਲੀਸ ਦੇ ਜੋਰ ਨਾਲ ਬਿਜਲੀ ਦੇ ਟਾਵਰ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਪੈਦਾ ਹੋ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਉਨ੍ਹਾਂ ਦੀ ਜ਼ਮੀਨ ਵਿੱਚ ਹਾਈਟੇਂਸ਼ਨ ਲਾਈਨ ਪਾਉਣ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਸਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨ ਉਦੋਂ ਭਰੋਸਾ ਦਿੱਤਾ ਗਿਆ ਸੀ ਜਦੋਂ ਕਿਸਾਨ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਟਾਵਰ ’ਤੇ ਚੜ੍ਹ ਗਏ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਨਾਲ ਧੋਖਾ ਕਰਕੇ ਦੁਬਾਰਾ ਤੋਂ ਟਾਵਰ ਲਾਉਣੇ ਸ਼ੁਰੂ ਕਰ ਦਿੱਤੇ ਹਨ ਜਦੋਂਕਿ ਹਾਲੇ ਤੱਕ ਕਿਸਾਨਾਂ ਨੂੰ ਮੁਅਵਜ਼ਾ ਨਹੀਂ ਦਿੱਤਾ ਗਿਆ ਤੇ ਨਾ ਹੀ ਕਿਸਾਨਾਂ ਨਾਲ ਕੋਈ ਗੱਲਬਾਤ ਕੀਤੀ ਗਈ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜ਼ਮੀਨ ਦੇ ਬਾਜ਼ਾਰੀ ਕੀਮਤ ਅਨੁਸਾਰ ਕਿਸਾਨਾਂ ਨੂੰ ਮੁਅਵਜ਼ਾ ਨਾ ਦਿੱਤਾ ਗਿਆ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ। ਧਰਨੇ ’ਚ ਪਿੰਡ ਵੈਦਵਾਲਾ ਦੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।