ਦੁਸਹਿਰੇ ਮੌਕੇ ਕਾਂਗਰਸ ਨੇ ‘ਰਾਵਣ’ ਦੀ ਜਗ੍ਹਾ ਫੂਕਿਆ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ
ਚੰਡੀਗੜ੍ਹ ਕਾਂਗਰਸ ਨੇ ਪ੍ਰਦਰਸ਼ਨ ਕਰਕੇ ਮੰਗਿਆ ਗਿਆਨੇਸ਼ ਕੁਮਾਰ ਅਸਤੀਫ਼ਾ
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਦੁਸਹਿਰੇ ਮੌਕੇ ਚੰਡੀਗੜ੍ਹ ਕਾਂਗਰਸ ਵਲੋਂ ਕੀਤਾ ਗਿਆ ਪ੍ਰਦਰਸ਼ਨ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਚੰਡੀਗੜ੍ਹ ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਕਾਂਗਰਸ ਨੇ ਇਸ ਪ੍ਰਦਰਸ਼ਨ ਨੂੰ ਲੋਕਤੰਤਰ, ਸੰਵਿਧਾਨ ਤੇ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਾਰ ਦਿੰਦਿਆਂ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ’ਤੇ ਚਿੰਤਾ ਪ੍ਰਗਟਾਈ।
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਦੁਸਹਿਰੇ ਮੌਕੇ ਚੰਡੀਗੜ੍ਹ ਕਾਂਗਰਸ ਵਲੋਂ ਕੀਤਾ ਗਿਆ ਪ੍ਰਦਰਸ਼ਨ ਵੱਡੀ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਚੰਡੀਗੜ੍ਹ ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਕਾਂਗਰਸ ਨੇ ਇਸ ਪ੍ਰਦਰਸ਼ਨ ਨੂੰ ਲੋਕਤੰਤਰ, ਸੰਵਿਧਾਨ ਤੇ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਾਰ ਦਿੰਦਿਆਂ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ’ਤੇ ਚਿੰਤਾ ਪ੍ਰਗਟਾਈ। ਇਸ ਪ੍ਰਦਰਸ਼ਨ ਦੀ ਅਗਵਾਈ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ. ਐਸ. ਲੱਕੀ ਨੇ ਕੀਤੀ, ਜਦਕਿ ਇਸ ਦਾ ਪ੍ਰਬੰਧ ਸਾਬਕਾ ਯੂਥ ਕਾਂਗਰਸ ਪ੍ਰਧਾਨ ਮਨੋਜ ਲੁਬਾਣਾ ਵਲੋਂ ਕੀਤਾ ਗਿਆ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕੀਤੀ। ਐਚ. ਐਸ. ਲੱਕੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇਸ਼ ਭਰ ਵਿਚ ਵੋਟਰ ਸੂਚੀਆਂ ਤੇ ਕਥਿਤ ਵੋਟ ਚੋਰੀ ਦੇ ਮੁੱਦੇ ਉਠਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਨੂੰ ਲੈ ਕੇ ਉੱਠ ਰਹੇ ਗੰਭੀਰ ਸਵਾਲਾਂ ਕਾਰਨ ਚੋਣ ਕਮਿਸ਼ਨ ਦੀ ਭਰੋਸੇਯੋਗਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿਹਾ ਕਿ ਦੁਸਹਿਰਾ ਬੁਰਾਈ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਸੰਘਰਸ਼ ਕਰਨ ਦਾ ਸੰਦੇਸ਼ ਦਿੰਦਾ ਹੈ। ਇਹ ਪ੍ਰਦਰਸ਼ਨ ਕਿਸੇ ਵਿਅਕਤੀ ਦੇ ਖ਼ਿਲਾਫ਼ ਨਹੀਂ, ਸਗੋਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਤੇ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਹੈ। ਉਨ੍ਹਾਂ ਨੇ ਗਿਆਨੇਸ਼ ਕੁਮਾਰ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਭਰੋਸੇਯੋਗਤਾ ਨੂੰ ਬਹਾਲ ਕਰਨ ਲਈ ਠੋਸ ਕਦਮ ਚੁੱਕੇ ਜਾਣ। ਕਾਂਗਰਸ ਨੇ ਇਸ ਮੁੱਦੇ ਨੂੰ ਲੋਕਾਂ ਵਿਚ ਲੋਕਤੰਤਰੀ ਢੰਗ ਨਾਲ ਲਗਾਤਾਰ ਉਠਾਉਂਦੇ ਰਹਿਣ ਦਾ ਸੰਕਲਪ ਦੁਹਰਾਇਆ। ਮਨੋਜ ਲੁਬਾਣਾ ਨੇ ਕਿਹਾ ਕਿ ਦੁਸਹਿਰਾ ਬੇਇਨਸਾਫ਼ੀ ਅਤੇ ਹੰਕਾਰ ਦੇ ਅੰਤ ਦਾ ਪ੍ਰਤੀਕ ਹੈ। ਵੋਟਰਾਂ ਦੇ ਅਧਿਕਾਰਾਂ ਨਾਲ ਜੁੜੇ ਸਵਾਲਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਵੋਟ ਦੇ ਅਧਿਕਾਰ ਤੋਂ ਵਾਂਝੇ ਕੀਤੇ ਜਾਣ ਸਬੰਧੀ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਚੋਣ ਕਮਿਸ਼ਨ ਦੀ ਜਵਾਬਦੇਹੀ, ਵੋਟਰ ਸੂਚੀਆਂ ਵਿਚ ਪਾਰਦਰਸ਼ਤਾ ਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਮੁੜ ਦੁਹਰਾਇਆ। ਪਾਰਟੀ ਆਗੂਆਂ ਨੇ ਕਿਹਾ ਕਿ ਲੋਕਤੰਤਰ ਤਾਂ ਹੀ ਮਜ਼ਬੂਤ ਹੋ ਸਕਦਾ ਹੈ, ਜਦੋਂ ਹਰ ਯੋਗ ਨਾਗਰਿਕ ਦੀ ਵੋਟ ਸੁਰੱਖਿਅਤ ਹੋਵੇ, ਚੋਣ ਪ੍ਰਕਿਰਿਆ ਪਾਰਦਰਸ਼ੀ ਰਹੇ ਤੇ ਸੰਵਿਧਾਨਕ ਸੰਸਥਾਵਾਂ ਨਿਰਪੱਖਤਾ ਨਾਲ ਕੰਮ ਕਰਨ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਕਈ ਆਗੂ, ਅਹੁਦੇਦਾਰ ਤੇ ਵਰਕਰ ਮੌਜੂਦ ਸਨ।