08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਮਾਹਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨਾਬਾਲਗ ਗਿ੍ਫ਼ਤਾਰ

ਅਜੀਤ ਡੈਸਕ 22-01-2026

ਗੁਰਾਇਆ/ਫਿਲੌਰ 21 ਜਨਵਰੀ (ਬਲਵਿੰਦਰ ਸਿੰਘ, ਚਰਨਜੀਤ ਸਿੰਘ ਦੁਸਾਂਝ, ਵਿਪਨ ਗੈਰੀ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਮਾਹਲ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ 6 ਪਵਿੱਤਰ ਅੰਗ ਪਾੜ ਕੇ ਬੇਅਦਬੀ ਕੀਤੀ ਗਈ, ਦੇ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਪੁੱਜ ਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪਾਂ ਨੂੰ ਸਤਿਕਾਰ ਸਹਿਤ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਭੇਜ ਦਿੱਤਾ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੀ ਪੁੱਜੇ ਹੋਏ ਸਨ | ਵਰਨਣਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ 16 ਜਨਵਰੀ ਨੂੰ ਦੋ ਧੜਿਆਂ ਵਿਚਕਾਰ ਲੜਾਈ ਹੋਈ ਸੀ | ਬੇਅਦਬੀ ਮਾਮਲੇ ਨੂੰ ਉਸ ਲੜਾਈ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਕਤ ਦੋਵਾਂ ਧੜਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਉਣ ਵਾਲੇ ਬੁੱਧਵਾਰ ਨੂੰ ਪੇਸ਼ ਹੋਣ ਦੇ ਹੁਕਮ ਲਗਾਏ ਗਏ ਹਨ | ਘਟਨਾ ਸਥਾਨ 'ਤੇ ਪਿ੍ੰਸੀਪਲ ਪ੍ਰੇਮ ਕੁਮਾਰ, ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ, ਹਰਜਿੰਦਰ ਸਿੰਘ ਲੱਲੀਆਂ, ਸਤਪਾਲ ਸਿੰਘ ਧਰਮ ਪ੍ਰਚਾਰ ਕਮੇਟੀ, ਕੁਲਵੀਰ ਸਿੰਘ ਬੜਾ ਪਿੰਡ, ਮਹਾਂ ਸਿੰਘ ਰਸੂਲਪੁਰ, ਭਾਈ ਅਮਰਜੀਤ ਸਿੰਘ ਦਮਦਮੀ ਟਕਸਾਲ ਤਰਨਾ ਦਲ, ਬਹਾਦਰ ਸਿੰਘ ਦਲ ਖਾਲਸਾ, ਜਸਵਿੰਦਰ ਸਿਘ ਪ੍ਰਬੰਧਕ ਗੁਰਦੁਆਰਾ ਗੰਗਸਰ ਕਰਤਾਰਪੁਰ, ਸੁਖਵਿੰਦਰ ਸਿੰਘ, ਬਲਕਾਰ ਸਿੰਘ ਫਗਵਾੜਾ, ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰ, ਬਲਵਿੰਦਰ ਕੌਰ ਸਰਪੰਚ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਤੇ ਹੋਰ ਪੁੱਜੇ ਹੋਏ ਸਨ |
ਦੋਸ਼ੀ ਤੋਂ ਪੁੱਛਗਿੱਛ ਜਾਰੀ - ਐੱਸ.ਐੱਸ.ਪੀ. ਵਿਰਕ
ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਵਿਰਕ ਐੱਸ.ਐੱਸ.ਪੀ. ਜਲੰਧਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ 20 ਜਨਵਰੀ ਦੀ ਰਾਤ ਪਿੰਡ ਮਾਹਲ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਸੰਬੰਧੀ ਮੁਕੱਦਮਾ ਨੰਬਰ 21, ਜੁਰਮ 299 ਬੀ.ਐਨ.ਐੱਸ. ਥਾਣਾ ਗੁਰਾਇਆ ਵਿਖੇ ਦਰਜ ਕੀਤਾ ਗਿਆ ਹੈ | ਇਹ ਮੁਕੱਦਮਾ ਜਸਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਵਾਸੀ ਪਿੰਡ ਮਾਹਲ ਦੇ ਬਿਆਨਾਂ 'ਤੇ ਦਰਜ ਹੋਇਆ ਹੈ | ਪੁਲਿਸ ਨੇ ਹਰਮਨ (14) ਪੁੱਤਰ ਤਰਲੋਕ ਵਾਸੀ ਪਿੰਡ ਮਾਹਲ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਸ ਤੋਂ ਹੋਰ ਪੁੱਛਗਿੱਛ ਜਾਰੀ ਹੈ | ਹਰਮਨ ਛੇਵੀਂ ਕਲਾਸ ਦਾ ਵਿਦਿਆਰਥੀ ਹੈ |
ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਟੀਮ ਭੇਜੀ ਗਈ ਹੈ-ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕਰਦਿਆਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਰਣਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੌ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੂੰ ਹਰ ਪੱਧਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |
ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੇਅਦਬੀ ਦੀ ਘਟਨਾ ਸੰਬੰਧੀ ਜਾਂਚ ਦੇ ਆਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖ਼ਤਾ ਤੇ ਸੁਰੱਖਿਅਤ ਬਣਾਉਣ ਵਿਚ ਸਾਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ | ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ 'ਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ | ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਇਹ ਬੇਅਦਬੀ ਕਰਵਾਉਣ ਵਾਲੇ ਸਾਜ਼ਿਸ਼ਘਾੜਿਆਂ ਤੇ ਮੁੱਖ ਦੋਸ਼ੀਆਂ ਦੀ ਪਛਾਣ ਜਲਦ ਹੀ ਨਸ਼ਰ ਕਰਨ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ |

ਪਿਛਲੀ ਖ਼ਬਰ ਕਰਮਚਾਰੀਆਂ ਦੇ ਵਾਰਸਾਂ ਨੂੰ ਐਕਸ ਗੇ੍ਰਸ਼ੀਆ ਗਰਾਂਟ ਦਿੱਤੀ <br/> ਅਗਲੀ ਖ਼ਬਰ ਗੈਂਗਸਟਰਾਂ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਪੁਲਿਸ ਵਲੋਂ 40 ਤੋਂ ਵੱਧ ਸਮਰਥਕ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।